ਮੋਗਾ: ਪੰਜਾਬ ਵਿੱਚ ਟਾਰਗੇਟ ਕਿਲਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਅੱਜ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ ਹੋਵੇਗੀ।
‘ABP ਸਾਂਝਾ’ ਨਾਲ ਗੱਲਬਾਤ ਕਰਦਿਆਂ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਮਾਮਲੇ ਸਬੰਧੀ ਦੋ ਪੁਲਿਸ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਗਏ ਹਨ। ਤਤਕਾਲੀ ਡੀਐਸਪੀ (ਹੈੱਡਕੁਆਟਰ) ਬਲਵਿੰਦਰ ਸਿੰਘ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਉਨ੍ਹਾਂ ਵਿਰੁੱਧ ਅਦਾਲਤ ਨੇ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਹਿੰਦੂ ਸੰਗਠਨਾਂ ਨਾਲ ਜੁੜੇ ਨਾਮੀ ਲੋਕਾਂ ਦੇ ਕਤਲ ਮਾਮਲੇ ’ਚ ਫੜੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪਿਛਲੇ ਸਾਲ 4 ਨਵੰਬਰ ਨੂੰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜੌਹਲ ਦੀ ਗ੍ਰਿਫ਼ਤਾਰੀ ਉਸ ਦੇ ਵਿਆਹ ਤੋਂ ਕਰੀਬ 15 ਦਿਨਾਂ ਬਾਅਦ ਹੋਈ ਸੀ।
ਉਸ ਦੀ ਗ੍ਰਿਫ਼ਤਾਰੀ ਵਿਰੁੱਧ ਕਈ ਦੇਸ਼ਾਂ ਵਿਚ ਪੰਜਾਬੀ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਹਨ। ਉਸ ਖ਼ਿਲਾਫ਼ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੈਂਬਰ ਹੋਣ ਦਾ ਦਾਅਵਾ ਕੀਤਾ ਗਿਆ ਹੈ।