ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਡਿਬੇਟ ਦੀ ਚੁਣੌਤੀ ਕੀਤੀ ਸਵੀਕਾਰ, ਕਿਹਾ- ਮੀਡੀਆ ਸਾਹਮਣੇ ਕਰਾਂਗੇ ਬਹਿਸ
Punjab News: ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਬੇਟ ਵਾਲੀ ਚੁਣੌਤੀ ਨੇ ਸਵੀਕਾਰ ਕਰ ਲਿਆ ਹੈ।

Punjab News: ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਬੇਟ ਵਾਲੀ ਚੁਣੌਤੀ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਪਰ ਇਹ ਡਿਬੇਟ ਸਰਕਾਰ ਮੀਡੀਆ ਦੇ ਸਾਹਮਣੇ ਹੋਣੀ ਚਾਹੀਦੀ ਹੈ।
ਦੱਸ ਦਈਏ ਕਿ ਉਨ੍ਹਾਂ ਨੇ ਇਹ ਚੁਣੌਤੀ ਉਦੋਂ ਸਵੀਕਾਰ ਕੀਤੀ, ਜਦੋਂ ਉਹ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦਾ ਵਿਰੋਧ ਕਰਨ ਵਾਲੇ ਕਈ ਕਿਸਾਨਾਂ ਨੂੰ ਜੇਲ੍ਹ ਭੇਜਣ ਦੇ ਵਿਰੋਧ ਵਿੱਚ ਇੱਕ ਰਾਜ ਵਿਆਪੀ ਅੰਦੋਲਨ ਕਰ ਰਹੇ ਹਨ।
ਉੱਥੇ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਬਠਿੰਡਾ ਵਿੱਚ ਪ੍ਰਦਰਸ਼ਨ ਕਰਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਭੜਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਕੇਂਦਰ ਦੇ ਖਿਲਾਫ ਸੀ। ਪਰ ਕੇਂਦਰ ਦੇ ਖਿਲਾਫ ਪ੍ਰਦਰਸ਼ਨ ਦੌਰਾਨ, ਪੰਜਾਬ ਸਰਕਾਰ ਨੇ ਪਹਿਲਾਂ ਉਨ੍ਹਾਂ ਨੂੰ ਮੀਟਿੰਗ ਲਈ ਸੱਦਿਆ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇੰਨਾ ਹੀ ਨਹੀਂ, ਹੁਣ ਉਹ ਆਪਣੇ ਆਪ ਨੂੰ ਪੰਜਾਬ ਦੇ ਪਾਣੀ ਦੇ ਰੱਖਵਾਲਾ ਦੱਸ ਰਹੇ ਹਨ। ਕਿਸਾਨ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਪਾਣੀ ਦਿੱਤਾ ਗਿਆ ਸੀ, ਤਾਂ ਕੀ ਇਹ ਕਿਸਾਨਾਂ ਨੂੰ ਪੁੱਛ ਕੇ ਦਿੱਤਾ ਗਿਆ ਸੀ।
ਜ਼ਿਕਰ ਕਰ ਦਈਏ ਜਦੋਂ ਕਿਸਾਨ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ ਤਾਂ, ਸੀਐਮ ਮਾਨ ਨੇ ਉਨ੍ਹਾਂ ਨੂੰ ਡਿਬੇਟ ਲਈ ਚੁਣੌਤੀ ਦਿੱਤੀ ਸੀ। ਸੀਐਮ ਮਾਨ ਨੇ ਕਿਹਾ ਸੀ ਕਿ ਇਹ ਕਿਸਾਨ ਕਦੇ ਸੜਕਾਂ ਅਤੇ ਕਦੇ ਰੇਲਵੇ ਜਾਮ ਕਰ ਦਿੰਦੇ ਹਨ। ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨਾਲ ਜੁੜੇ ਕਿਸਾਨ ਬਠਿੰਡਾ ਜ਼ਿਲ੍ਹੇ ਦੇ ਘਸੋਖਾਨਾ ਪਿੰਡ ਵਿੱਚ ਸੂਬਾ ਸਰਕਾਰ ਵੱਲੋਂ ਵਿਛਾਈ ਜਾ ਰਹੀ ਸੀਵਰੇਜ ਪਾਈਪਲਾਈਨ ਦਾ ਲਗਾਤਾਰ ਵਿਰੋਧ ਕਰ ਰਹੇ ਸਨ। ਕਿਸਾਨਾਂ ਨੇ ਕਿਹਾ ਕਿ ਇਹ ਪਾਈਪਲਾਈਨ ਇੱਕ ਰਿਹਾਇਸ਼ੀ ਖੇਤਰ ਵਿੱਚੋਂ ਲੰਘ ਰਹੀ ਹੈ, ਜਿਸ ਕਾਰਨ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ ਕਰਕੇ ਪਿੰਡ ਵਾਸੀਆਂ ਨੂੰ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ।
ਡੱਲੇਵਾਲ ਨੇ ਦੋਸ਼ ਲਗਾਇਆ ਕਿ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਵਿੱਚ 100 ਤੋਂ ਵੱਧ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 9 ਕਿਸਾਨ ਪਹਿਲਾਂ ਹੀ ਜੇਲ੍ਹ ਵਿੱਚ ਭੁੱਖ ਹੜਤਾਲ 'ਤੇ ਹਨ ਅਤੇ 5 ਹੋਰ ਕਿਸਾਨਾਂ ਨੇ ਪਿਛਲੇ ਦਿਨੀਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਕੁੱਲ 14 ਕਿਸਾਨ ਭੁੱਖ ਹੜਤਾਲ 'ਤੇ ਹਨ।





















