Punjab News: ਖਨੌਰੀ ਸਰਹੱਦ ਉੱਤੇ ਕਿਸਾਨੀ ਮੰਗਾਂ ਲਈ ਮਰਨ ਵਰਤ ਉੱਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ਉੱਪਰ ਡਟੇ ਕਿਸਾਨ ਆਗੂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ। ਦੱਸ ਦਈਏ ਕਿ ਫਾਈਵ ਰੀਵਰ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਚੈੱਕਅਪ ਕੀਤਾ ਜਾ ਰਿਹਾ ਹੈ।



ਦਰਅਸਲ, ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ 'ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਹੈ। ਹਾਲਾਂਕਿ ਹੁਣ ਉਹ ਸਥਿਰ ਹੈ।