Farmer Protest: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ 46 ਦਿਨ ਹੋ ਗਏ ਹਨ ਤੇ ਉਨ੍ਹਾਂ ਦੀ ਹਾਲਤ ਵਿਗੜ ਰਹੀ ਹੈ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਭਾਜਪਾ ਦੇ ਲੀਡਰਾਂ ਨੇ ਕੇਂਦਰ ਨਾਲ ਗੱਲ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਡੱਲੇਵਾਲ ਨੂੰ ਕਹਿ ਕੇ ਉਨ੍ਹਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾਵੇ। ਇਸ ਤੋਂ ਬਾਅਦ ਡੱਲੇਵਾਲ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਸਾਂਝੀ ਕੀਤੀ ਗਈ ਹੈ।
ਇਸ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ ਜਿਸ ਦਾ ਮਜਮੂਨ ਲਿਖਿਆ ਹੈ, ਪੰਜਾਬ ਭਾਜਪਾ ਵੱਲੋਂ ਆਪਣਾ ਸਹੀ ਫਰਜ ਨਿਭਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਕੇ ਕਿਸਾਨਾ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕਰਨ ਦੀ ਬਜਾਏ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮਿਲ ਕੇ 46 ਦਿਨ ਤੋਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਉੱਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਡੱਲੇਵਾਲ ਨੇ ਵੀਡੀਓ ਵਿੱਚ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਲੀਡਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਪੰਜ ਪਿਆਰਿਆਂ ਨੂੰ ਅਪੀਲ ਕੀਤੀ ਹੈ ਕਿ ਜਥੇਦਾਰ, ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਣ ਲਈ ਕਹਿਣ। ਡੱਲੇਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਲੀਡਰ ਹਨ ਤੇ ਇਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਪ ਰਾਸ਼ਟਰਪਤੀ, ਅਮਿਤ ਸ਼ਾਹ ਤੇ ਖੇਤੀਬਾੜੀ ਮੰਤਰੀ ਕੋਲ ਜਾਣਾ ਚਾਹੀਦਾ ਸੀ ਪਰ ਇਹ ਜਥੇਦਾਰ ਨੂੰ ਮਿਲਣ ਲਈ ਗਏ ਹਨ। ਡੱਲੇਵਾਲ ਨੇ ਕਿਹਾ ਕਿ ਇਸ ਸਭ ਦਾ ਕੀ ਮਤਲਬ ਨਿਕਲਦਾ ਹੈ, ਅਸੀਂ ਤਾਂ ਕਹਿਣੇ ਹਾਂ ਕਿ ਨਰਿੰਦਰ ਮੋਦੀ ਕੋਲ ਜਾਓ ਤੇ ਉਨ੍ਹਾਂ ਨੂੰ ਕਹੋ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ, ਭੁੱਖ ਹੜਤਾਲ ਉਸੇ ਵੇਲੇ ਹੀ ਖ਼ਤਮ ਕਰ ਦਿੱਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਭਾਜਪਾ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਦੀ ਅਗਵਾਈ ਹੇਠ ਵਫ਼ਦ ਨੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਪੱਤਰ ਦਿੱਤਾ। ਵਫ਼ਦ ਵਿੱਚ ਸਤਪਾਲ ਸਿੰਘ ਸਰਪੰਚ ਭੂਖੜੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਭੂਖੜੀ, ਹਰਬੰਸ ਸਿੰਘ ਸਾਬਕਾ ਮੈਂਬਰ ਪੰਚਾਇਤ, ਹਰਮਨਪ੍ਰੀਤ ਸਿੰਘ ਪੰਨੂ ਅਤੇ ਲਖਵਿੰਦਰ ਸਿੰਘ ਲੱਖਾ ਬਾਬਾ ਭੂਖੜੀ ਸ਼ਾਮਲ ਸਨ।