Farmer Protest: ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਕੀਤੇ ਗਏ ਵਾਅਦੇ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 12ਵੇਂ ਦਿਨ ਵੀ ਜਾਰੀ ਰਿਹਾ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇਜ਼ੀ ਨਾਲ ਵਿਗੜ ਰਹੀ ਹੈ।
ਡਾਕਟਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਕਿਡਨੀ ਵਿੱਚ ਸਮੱਸਿਆ ਆਉਣੀ ਸ਼ੁਰੂ ਹੋ ਗਈ ਹੈ ਅਤੇ ਉਸ ਦਾ ਭਾਰ ਕਰੀਬ 8.5 ਕਿਲੋ ਘੱਟ ਗਿਆ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ 152/103, ਪਲਸ 87, ਸ਼ੂਗਰ 99, ਤਾਪਮਾਨ 96.5 ਹੈ।
ਅੱਜ ਸਾਬਕਾ ਹਜ਼ੂਰੀ ਰਾਗੀ ਸ਼੍ਰੀ ਹਰਿਮੰਦਰ ਸਾਹਿਬ ਬਲਦੇਵ ਸਿੰਘ ਵਡਾਲਾ ਜੀ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਪ੍ਰੇਰਿਤ ਕੀਤਾ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਮੋਰਚੇ ਦੀ ਕਾਮਯਾਬੀ ਲਈ ਅਰਦਾਸ ਕੀਤੀ। ਖਨੌਰੀ ਬਾਰਡਰ ਉੱਪਰ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਹਰ ਰੋਜ਼ ਕਿਸਾਨਾਂ ਦੇ ਨਵੇਂ ਜੱਥੇ ਲਗਾਤਾਰ ਪਹੁੰਚ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੇ ਜਗਜੀਤ ਸਿੰਘ ਡੱਲੇਵਾਲ ਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 9 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਵਿੱਚ ਕਿਸਾਨ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਇੱਕ ਦਿਨ ਦਾ ਸੰਕੇਤਿਕ ਮਰਨ ਵਰਤ ਰੱਖਣਗੇ ਤੇ ਸੰਸਦ ਮੈਂਬਰਾ ਤੋਂ ਪੁੱਛਣਗੇ ਕਿ ਉਹ ਸੰਸਦ ਵਿੱਚ MSP ਗਾਰੰਟੀ ਕਾਨੂੰਨ ਦਾ ਮੁੱਦਾ ਕਿਉਂ ਨਹੀਂ ਉਠਾ ਰਹੇ।
ਪੰਧੇਰ ਨੇ ਕੀ ਕਿਹਾ ?
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ (sarvan singh pandher) ਨੇ ਸ਼ਨੀਵਾਰ ਨੂੰ ਦੱਸਿਆ ਕਿ ਕੱਲ੍ਹ (8 ਦਸੰਬਰ) ਉਹ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਗੇ। ਸਿਰਫ਼ 101 ਕਿਸਾਨਾਂ ਦਾ ਜੱਥਾ ਹੀ ਜਾਵੇਗਾ। ਕਿਸਾਨਾਂ ਦੀ ਗਿਣਤੀ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚੱਲ ਰਹੀ ਹੈ। ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਨ ਦੀ ਲੋੜ ਹੈ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ। ਦੇਸ਼ ਲਈ ਭਾਵੇਂ ਕਿਸੇ ਨੂੰ ਸ਼ਹੀਦ ਹੋਣਾ ਪਵੇ, ਅਸੀਂ ਪਿੱਛੇ ਨਹੀਂ ਹਟਾਂਗੇ।