Jagmohan Kang join Congress: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਚੱਲ ਰਿਹਾ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ 'ਆਪ' ਨੂੰ ਛੱਡ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦਈਏ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਸਨ। ਹੁਣ ਲੋਕ ਸਭਾ ਚੋਣਾਂ ਵਿੱਚ ਉਹ ‘ਆਪ’ ਛੱਡ ਕੇ ਕਾਂਗਰਸ ਵਿੱਚ ਪਰਤ ਆਏ ਹਨ।
ਉਹ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਮ ਆਦਮੀ ਪਾਰਟੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ ਦਾ ਖਰੜ ਵਿਧਾਨ ਸਭਾ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਇਸ ਨਾਲ ਕਾਂਗਰਸ ਨੂੰ ਫਾਇਦਾ ਹੋ ਸਕਦਾ ਹੈ।
ਇਹ ਵੀ ਪੜ੍ਹੋ: Charanjit Channi: ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ, ਦੁਪਹਿਰ ਦੋ ਵਜੇ ਤੱਕ ਸੌਂਪਣਗੇ ਰਿਪੋਰਟ
ਦਰਅਸਲ 2022 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਖਰੜ ਤੋਂ ਜਗਮੋਹਨ ਕੰਗ ਦੀ ਟਿਕਟ ਰੱਦ ਕਰ ਦਿੱਤੀ ਸੀ। ਇਸ ਤੋਂ ਇਲਾਵਾ ਰੋਪੜ ਦੇ ਸ਼ਰਾਬ ਕਾਰੋਬਾਰੀ ਵਿਜੇ ਸ਼ਰਮਾ ਟਿੰਕੂ ਨੂੰ ਖਰੜ ਤੋਂ ਉਮੀਦਵਾਰ ਬਣਾਇਆ ਗਿਆ ਸੀ। ਉਸ ਸਮੇਂ ਕੰਗ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈਕਮਾਂਡ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀ ਟਿਕਟ ਕੈਂਸਲ ਕਰਵਾਈ ਹੈ ਕਿਉਂਕਿ ਉਹ ਉਨ੍ਹਾਂ ਤੋਂ ਸੀਨੀਅਰ ਹਨ।
ਇਸ ਤੋਂ ਬਾਅਦ ਕੰਗ ‘ਆਪ’ ਵਿੱਚ ਸ਼ਾਮਲ ਹੋ ਗਏ ਸੀ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਚਮਕੌਰ ਸਾਹਿਬ ਵਿੱਚ ਵੀ ਚੋਣ ਪ੍ਰਚਾਰ ਕੀਤਾ ਸੀ ਜਿੱਥੋਂ ਚਰਨਜੀਤ ਸਿੰਘ ਚੰਨੀ ਚੋਣ ਲੜ ਰਹੇ ਸਨ। ਇੰਨਾ ਹੀ ਨਹੀਂ ਉਨ੍ਹਾਂ ਵੱਲੋਂ ਚੰਨੀ ਖਿਲਾਫ ਇੱਕ ਗੀਤ ਵੀ ਤਿਆਰ ਕਰਵਾਇਆ ਸੀ। ਉਨ੍ਹਾਂ ਨੇ ਇਸ ਦਾ ਪ੍ਰਚਾਰ ਵੀ ਕੀਤਾ ਸੀ।
ਦੱਸ ਦਈਏ ਕਿ ਕੰਗ ਪੁਰਾਣੇ ਕਾਂਗਰਸੀ ਆਗੂਆਂ ਵਿੱਚੋਂ ਇੱਕ ਹਨ। ਉਹ 1976 ਵਿੱਚ ਯੂਥ ਕਾਂਗਰਸ ਦੇ ਆਰਟ ਐਂਡ ਕਲਚਰ ਸੈੱਲ ਦੇ ਪ੍ਰਧਾਨ ਬਣੇ। ਉਹ 1992 ਵਿੱਚ ਪਹਿਲੀ ਵਾਰ ਵਿਧਾਨ ਸਭਾ ਮੋਰਿੰਡਾ ਤੋਂ ਵਿਧਾਇਕ ਚੁਣੇ ਗਏ। ਉਹ 2002 ਵਿੱਚ ਮੋਰਿੰਡਾ ਤੇ 2012 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਮੁੜ ਵਿਧਾਇਕ ਬਣੇ। ਉਹ 2002 ਦੀ ਸਰਕਾਰ ਵਿੱਚ ਮੰਤਰੀ ਵੀ ਰਹੇ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਉਹ 'ਆਪ' ਉਮੀਦਵਾਰ ਕੰਵਰ ਸੰਧੂ ਤੋਂ 2012 ਦੀਆਂ ਵੋਟਾਂ ਨਾਲ ਹਾਰ ਗਏ। ਜਦੋਂ ਕਿ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਸਨ। ਹਾਲਾਂਕਿ ਖਰੜ ਵਿੱਚ ਉਨ੍ਹਾਂ ਦਾ ਮਜ਼ਬੂਤ ਆਧਾਰ ਹੈ।