ਲੁਧਿਆਣਾ: ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਪੁਲਿਸ ਮੁਲਾਜ਼ਮ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਦੋਸ਼ਮੁਕਤ ਕਰਾਰ ਦੇ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਵਿਰੁੱਧ ਸਾਢੇ ਤੇਰਾਂ ਸਾਲ ਪਹਿਲਾਂ ਥਾਣਾ ਬੱਧਨੀ ਕਲਾਂ ਅਧੀਨ ਪੁਲੀਸ ਚੌਕੀ, ਲੋਪੋ ਵਿੱਚ ਤਾਇਨਾਤ ਸਿਪਾਹੀ ਜਸਵੀਰ ਸਿੰਘ ਉੱਤੇ ਜਾਨਲੇਵਾ ਹਮਲਾ ਕਰਨ ਦਾ ਕੇਸ ਦਰਜ ਸੀ। ਮੋਗਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਹਵਾਰਾ ਨੂੰ ਦੋਸ਼ਮੁਕਤ ਕਰਾਰ ਦਿੰਦਿਆਂ ਬਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਵਾਰਾ ਨੂੰ ਲੁਧਿਆਣਾ ਦੇ ਅਸਲਾ ਕੇਸ ਤੋਂ ਇਲਾਵਾ ਕਈ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜੱਥੇਦਾਰ ਹਵਾਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਤੇ ਸਬੂਤਾਂ ਦੀ ਘਾਟ ਕਾਰਨ ਉਸ ਵਿਰੁੱਧ ਦੋਸ਼ ਆਇਦ ਨਹੀਂ ਹੋ ਸਕੇ। ਹਵਾਰਾ ਦੇ ਕੇਸ ਦੀ ਪੈਰਵੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕੀਤੀ। ਸੁਰੱਖਿਆ ਪ੍ਰਬੰਧਾਂ ਕਰਕੇ ਪੁਲੀਸ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਨਿੱਜੀ ਤੌਰ ਉੱਤੇ ਪੇਸ਼ ਕਰਨ ਤੋਂ ਟਾਲਾ ਵੱਟ ਰਹੀ ਸੀ। ਜਦ ਤਕ ਕੋਈ ਵੀ ਮੁਲਜ਼ਮ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੁੰਦਾ, ਉਦੋਂ ਤਕ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਨਹੀਂ ਹੋ ਸਕਦੇ। ਜ਼ਿਕਰਯੋਗ ਹੈ ਕਿ 16 ਫਰਵਰੀ 2005 ਨੂੰ ਪੁਲੀਸ ਚੌਕੀ ਲੋਪੋ ਦੇ ਸਿਪਾਹੀ ਜਸਵੀਰ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ ਸੀ। ਇਸ ਕੇਸ ’ਚ 19 ਜਨਵਰੀ 2010 ਨੂੰ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਇਸ ਕੇਸ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਇਸ ਕੇਸ ’ਚ ਹਵਾਰਾ ਦੀ ਗ੍ਰਿਫ਼ਤਾਰੀ ਵੀ ਨਹੀਂ ਹੋਈ ਸੀ। ਇਸ ਕੇਸ ਦੀ ਦੱਬੀ ਫਾਈਲ ਪੁਲੀਸ ਨੇ ਉਦੋਂ ਖੋਲ੍ਹੀ ਜਦੋਂ ਹਵਾਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਉਸ ਖ਼ਿਲਾਫ਼ ਦਰਜ ਕੇਸਾਂ ਦੀ ਪੜਚੋਲ ਦੌਰਾਨ ਵਰ੍ਹਿਆਂ ਤੋਂ ਦੱਬੀ ਪਈ ਇਹ ਫਾਈਲ ਵੀ ਖੁੱਲ੍ਹ ਗਈ ਸੀ। ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਿੱਤੀ ਅਰਜ਼ੀ ਵਿੱਚ ਕਿਹਾ ਸੀ ਕਿ ਤਿਹਾੜ ਜੇਲ੍ਹ ਦੇ ਰਿਕਾਰਡ ਮੁਤਾਬਕ ਉਸ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਵੱਖ ਥਾਵਾਂ ਉੱਤੇ 36 ਅਪਰਾਧਿਕ ਕੇਸ ਦਰਜ ਹਨ ਪਰ ਉਸਨੂੰ ਪ੍ਰੋਡੱਕਸ਼ਨ ਵਾਰੰਟ 'ਤੇ ਕਿਸੇ ਵੀ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾਂਦਾ।