Punjab News: ਪੰਜਾਬ ਸਰਕਾਰ ਵੱਲੋਂ ਨਿਯੁਕਤ ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਵਿਧਾਇਕ ਰਮਨ ਅਰੋੜਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।
ਟਰੱਸਟ ਦੇ ਦਫ਼ਤਰ ਵਿਖੇ ਸਾਦਾ ਸਮਾਰੋਹ ਦੌਰਾਨ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਸ਼ਿੱਦਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਟਰੱਸਟ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਸ਼ਹਿਰ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰ ਦੀ ਬਿਹਤਰੀ ਲਈ ਹਰ ਸੰਭਵ ਉਪਰਾਲਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸੰਘੇੜਾ ਨੇ ਕਿਹਾ ਕਿ ਨਵੀਆਂ ਲੋਕ ਪੱਖੀ ਸਕੀਮਾਂ ਉਲੀਕਣ ਤੋਂ ਇਲਾਵਾ ਟਰੱਸਟ ਦੀਆਂ ਜਿਨ੍ਹਾਂ ਸਕੀਮਾਂ ਵਿੱਚ ਅਲਾਟੀਆਂ ਨੂੰ ਪ੍ਰੇਸ਼ਾਨੀ ਪੇਸ਼ ਆ ਰਹੀ ਹੈ, ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਟਰੱਸਟ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢ ਕੇ ਕਰਜ਼ਾ ਮੁਕਤ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ।
ਇਸ ਮੌਕੇ ਵਿਧਾਇਕ ਰਮਨ ਅਰੋੜਾ ਨੇ ਜਗਤਾਰ ਸਿੰਘ ਸੰਘੇੜਾ ਨੂੰ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਟਰੱਸਟ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ