ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਕੈਦੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਚਾਰ ਅਫਸਰਾਂ ਨੂੰ ਨੌਕਰੀ ਤੋਂ ਹੱਥ ਧੋਣਾ ਪੈ ਗਿਆ ਹੈ। ਪੰਜਾਬ ਦੇ ਜੇਲ੍ਹ ਵਿਭਾਗ ਨੇ ਜੇਲ੍ਹ ਸੁਪਰਡੰਟ ਸਮੇਤ ਚਾਰ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਆਈਜੀ ਰੈਂਕ ਦੇ ਅਧਿਕਾਰੀ ਤੇ ਬੇਅਦਬੀਆਂ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਬਕਾ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਮਾਮਲੇ ਦੀ ਜਾਂਚ ਕੀਤੀ, ਜਿਸ ਵਿੱਚ ਉਨ੍ਹਾਂ ਪਟਿਆਲਾ ਦੇ ਚਾਰ ਪੁਲਿਸ ਅਫਸਰ ਦੋਸ਼ੀ ਪਾਇਆ। ਦੋਸ਼ੀਆਂ ਵਿੱਚ ਜੇਲ੍ਹ ਸੁਪਰਡੰਟ ਰਾਜਨ ਕਪੂਰ, ਸਹਾਇਕ ਸੁਪਰਡੰਟ ਸੁਖਜਿੰਦਰ ਸਿੰਘ ਤੇ ਵਿਕਾਸ ਸ਼ਰਮਾ ਅਤੇ ਹੈੱਡ ਵਾਰਡਨ ਪ੍ਰਣਾਮ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।

ਪਟਿਆਲਾ ਜੇਲ੍ਹ ਦੇ ਕੈਦੀਆਂ ਬ੍ਰਜੇਸ਼ ਠਾਕੁਰ ਤੇ ਕਿਰਨਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਨੂੰ ਚੁੱਕਿਆ ਗਿਆ ਸੀ, ਜਿਸ ਮਗਰੋਂ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮਾਮਲੇ ਦੀ ਜਾਂਚ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਸੌਂਪ ਦਿੱਤੀ ਸੀ। ਪਰਿਵਾਰ ਨੇ ਦੋਸ਼ ਲਾਏ ਸਨ ਕਿ ਜੇਲ੍ਹ ਅਧਿਕਾਰੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨਾਲ ਰਲ ਕੇ ਉਨ੍ਹਾਂ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਦੇ ਹਨ।