ਚੰਡੀਗੜ੍ਹ: ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਿੱਚ ਹਿਲਜੁਲ ਸ਼ੁਰੂ ਹੋ ਗਈ ਹੈ ਤੇ ਇਸ ਸਿਲਸਿਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਹਲਕਾ ਗੁਰਦਾਸਪੁਰ 'ਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਸੱਤ ਕਾਂਗਰਸੀ ਵਿਧਾਇਕਾਂ ਤੇ ਹੋਰਨਾਂ ਆਗੂਆਂ ਨਾਲ ਮੀਟਿੰਗ ਕੀਤੀ ਤੇ ਹਲਕੇ ਵਿੱਚ ਸਰਗਰਮੀਆਂ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਇਸ ਹਲਕੇ ਦੇ ਜ਼ਿਆਦਾਤਰ ਕਾਂਗਰਸੀ ਵਿਧਾਇਕ ਜਾਖੜ ਨੂੰ ਉਮੀਦਵਾਰ ਬਣਾਉਣ ਦੇ ਹੱਕ ਵਿੱਚ ਹਨ ਤੇ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਜਾਖੜ ਸਰਬ ਪ੍ਰਮਾਣਿਤ ਅਤੇ ਪਾਰਟੀ ਦਾ ਸਾਫ ਸੁਥਰਾ ਚਿਹਰਾ ਹਨ। ਦੂਜੇ ਪਾਸੇ ਜਾਖੜ ਨੇ ਚੋਣ ਬਾਰੇ ਫ਼ੈਸਲਾ ਕਾਂਗਰਸ ਹਾਈਕਮਾਂਡ 'ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਕਈ ਉਮੀਦਵਾਰ ਹਨ। ਇਸ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਜਾਵੇਗਾ। ਮੁੱਖ ਮੰਤਰੀ ਇੰਗਲੈਂਡ ਦੌਰੇ ਹਨ ਤੇ ਉਹ ਵਾਪਸ ਪਰਤਣ ਤੋਂ ਬਾਅਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਸਲਾਹ ਮਸ਼ਵਰਾ ਕਰਕੇ ਹੀ ਉਮੀਦਵਾਰ ਦਾ ਫੈਸਲਾ ਕਰਨਗੇ।