ਗੁਰਦਾਸਪੁਰ: 11 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਤੇ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੇ ਆਪੋ-ਆਪਣੀ ਨਾਮਜ਼ਦਗੀ ਦਾਇਰ ਕਰ ਦਿੱਤੀ ਹੈ। ਇਸ ਸਮੇਂ ਦੋਹਾਂ ਉਮੀਦਵਾਰਾਂ ਦੇ ਨਾਲ ਉਨ੍ਹਾਂ ਦੇ ਵੱਡੇ ਨੇਤਾਵਾਂ ਨੇ ਵੀ ਹਾਜ਼ਰੀ ਭਰੀ। ਕਾਂਗਰਸੀ ਉਮੀਦਵਾਰ ਨੇ ਤਾਂ ਆਪਣੇ ਵਿਰੋਧੀਆਂ ਨੂੰ ਬਹਿਸ ਲਈ ਚੁਣੌਤੀ ਵੀ ਦੇ ਦਿੱਤੀ। ਅੱਜ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਕਾਂਗਰਸ ਦੇ ਪੰਜਾਬ ਪ੍ਰਧਾਨ ਨੇ ਤਾਂ ਆਪਣੇ ਵਿਰੋਧੀਆਂ ਨੂੰ ਖੁੱਲ੍ਹੀ ਬਹਿਸ ਲਈ ਚੁਣੌਤੀ ਵੀ ਦੇ ਦਿੱਤੀ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਭਾਈਵਾਲ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਭਗਵੰਤ ਮਾਨ ਨੂੰ ਖੁੱਲ੍ਹੀ ਬਹਿਸ ਕਰਨ ਦੀ ਪੇਸ਼ਕਸ਼ ਵੀ ਕੀਤੀ। ਇਸ ਮੌਕੇ ਸੁਨੀਲ ਜਾਖੜ ਨੂੰ ਹੌਸਲਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਤੇ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਏ, ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਉਮੀਦਵਾਰ ਸਵਰਨ ਸਲਾਰੀਆ ਦੀ ਹੌਸਲਾ ਅਫ਼ਜ਼ਾਈ ਲਈ ਪਹੁੰਚੇ। ਕੈਪਟਨ ਤੇ ਜਾਖੜ ਦੋਵਾਂ ਨੇ ਦਾਅਵਾ ਕੀਤਾ ਕਿ ਲੋਕ ਉਨ੍ਹਾਂ ਦੀ ਸਰਕਾਰ ਦੇ 6 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ। ਇਸ ਲਈ ਲੋਕ ਸਭਾ ਵਿੱਚ ਕਾਂਗਰਸ ਦਾ ਇੱਕ ਹੋਰ ਨੁਮਾਇੰਦਾ ਭੇਜਣਗੇ। ਇਸ ਦੇ ਉਲਟ ਭਾਜਪਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਂ 'ਤੇ ਵੋਟਾਂ ਮੰਗਣਗੇ।