Punjab News: ਫਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਇੱਕ ਵਾਹਨ ਦੇ ਟਾਇਰ ਵਿੱਚ ਲੁਕੋ ਕੇ 2 ਕਿਲੋ ਹੈਰੋਇਨ ਲੈ ਕੇ ਜਾਂਦੇ ਹੋਏ ਫੜੇ ਜਾਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਸਥਿਤੀ ਅਜਿਹੀ ਹੈ ਕਿ ਪੰਜਾਬ ਵਿਚ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ 'ਤੇ ਨਜ਼ਰ ਰੱਖਣ ਦਾ ਸਮਾਂ ਆ ਗਿਆ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ 4 ਮਹੀਨਿਆਂ 'ਚ ਨਸ਼ਿਆਂ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਹੋ ਗਈਆਂ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਹਫ਼ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਪੁਲਿਸ ਅਫ਼ਸਰਾਂ ਨੂੰ ਗੈਂਗਸਟਰਾਂ ਵਲੋਂ ਕਰਵਾਏ ਇੱਕ ਪਾਰਟੀ ਵਿੱਚ ਨੱਚਦੇ ਹੋਏ ਦਿਖਾਇਆ ਗਿਆ ਹੈ। ਉਨ੍ਹਾਂ ਦੇ ਤਬਾਦਲੇ ਨਾਲ ਹੀ ਮਾਮਲਾ ਬੰਦ ਹੋ ਗਿਆ। ਸਰਕਾਰ ਨਸ਼ਾ ਤਸਕਰਾਂ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ। ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਦਾਅਵਿਆਂ ਦੇ ਬਾਵਜੂਦ ਜੇਲ੍ਹਾਂ ਵਿੱਚ ਛਾਣਬੀਣ ਦੌਰਾਨ ਨਾ ਸਿਰਫ਼ ਮੋਬਾਈਲ ਫ਼ੋਨ ਬਰਾਮਦ ਹੋ ਰਹੇ ਹਨ ਸਗੋਂ ਜੇਲ੍ਹਾਂ ਵਿੱਚ ਬੈਠੇ ਵਿਅਕਤੀ ਨਸ਼ੇ ਦਾ ਧੰਦਾ ਬੇਰੋਕ ਕਰ ਰਹੇ ਹਨ। ਇੰਜ ਜਾਪਦਾ ਹੈ ਜਿਵੇਂ ਜੇਲ੍ਹਾਂ ਨਸ਼ਿਆਂ ਦੇ ਕਾਰੋਬਾਰ ਦਾ ਕੇਂਦਰ ਬਣ ਗਈਆਂ ਹਨ। ਸਿਆਸੀ ਦਖ਼ਲਅੰਦਾਜ਼ੀ ਕਾਰਨ ਨਸ਼ਿਆਂ ਦੇ ਕਾਰੋਬਾਰ ਵਿੱਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਸ਼ਮੂਲੀਅਤ ਅਤੇ ਸਮੱਗਲਰਾਂ ਨਾਲ ਕਥਿਤ ਗੱਠਜੋੜ ਦੀ ਵਿਭਾਗੀ ਜਾਂਚ ਦੇ ਹੁਕਮ ਦੇ ਕੇ ਕੇਸਾਂ ਨੂੰ ਦਬਾ ਦਿੱਤਾ ਗਿਆ।
ਜਾਖੜ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਸੂਬੇ ਵਿਚ ਕੇਂਦਰੀ ਏਜੰਸੀਆਂ ਦੀ ਦਖਲਅੰਦਾਜ਼ੀ ਦੇ ਖਿਲਾਫ ਰਹੇ ਹਾਂ ਪਰ ਜਿਸ ਤਰ੍ਹਾਂ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਬੇਰੋਕ ਵਗ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਸ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ ) ਨੂੰ ਸੌਂਪ ਦਿੱਤੀ ਜਾਵੇ। ਉਨ੍ਹਾਂ ਵਰਦੀਧਾਰੀ ਚੌਕੀਦਾਰਾਂ ਤੇ ਨਜਰ ਰੱਖਣ ਦੀ ਵੀ ਛੋਟ ਦੇਣਾ ਮੁਨਾਸਿਬ ਹੋਵੇਗਾ। ਉਨ੍ਹਾਂ ਕਿਹਾ ਕਿ ਅਫੀਮ ਅਤੇ ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਹੁਣ ਤੱਕ ਸਿਰਫ਼ ਛੋਟੀਆਂ ਮੱਛੀਆਂ ਹੀ ਕਾਬੂ ਕੀਤੀਆਂ ਗਈਆਂ ਹਨ, ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਗਿਆ।