Jalandhar By-election Results 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਤੋਂ 58453 ਵੋਟਾਂ ਨਾਲ ਅੱਗੇ ਹਨ। ਉਂਝ ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਤੇ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। ਅਸੀਂ ਜੇਤੂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੰਦੇ ਹਾਂ ਤੇ ਉਮੀਦ ਹੈ ਕਿ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ! ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਤੇ ਸਮੁੱਚੇ ਲੋਕਾਂ ਦਾ ਧੰਨਵਾਦ ਕਰਦਾ ਹਾਂ। @INCPunjab ਲੀਡਰਸ਼ਿਪ, #JalandharByElection ਲਈ ਉਨ੍ਹਾਂ ਦੁਆਰਾ ਕੀਤੀ ਸਖ਼ਤ ਮਿਹਨਤ ਤੇ ਯਤਨਾਂ ਲਈ। ਮੈਂ ਸੁਸ਼ੀਲ ਰਿੰਕੂ ਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।
ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.36 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.41 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਤੈਅ ਹੈ। ਹੁਣ ਤੱਕ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਲੀਡ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 58453 ਵੋਟਾਂ ਨਾਲ ਅੱਗੇ ਹਨ। ਵੋਟਾਂ ਦੀ ਗੱਲ਼ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 298493 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 240040, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 133704 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 156440 ਵੋਟਾਂ ਮਿਲੀਆਂ ਹਨ।