ਜਲੰਧਰ : ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲਿਆਂ ਵਿੱਚ ਸਖ਼ਤੀ ਵਰਤਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੀਲਡ ਸਟਾਫ਼ ਵੱਲੋਂ ਪੁਸ਼ਟੀ ਕਰਨ ਉਪਰੰਤ ਅਜਿਹੇ 54 ਮਾਮਲਿਆਂ ਵਿੱਚ 1,35,000 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜੋ ਕਿ ਸੂਬੇ ਭਰ ਵਿੱਚ ਸਭ ਤੋਂ ਵੱਧ ਹੈ। ਜ਼ਿਲ੍ਹੇ ਵਿੱਚ ਕਣਕ ਦੀ ਨਾੜ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਬ ਡਵੀਜ਼ਨ ਫਿਲੌਰ ਵਿੱਚ ਸਾਹਮਣੇ ਆਏ 30 ਮਾਮਲਿਆਂ ਵਿੱਚ 75,000 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਦਕਿ ਸ਼ਾਹਕੋਟ ਦੇ 18 ਮਾਮਲਿਆਂ ਵਿੱਚ 45000, ਨਦੋਕਰ ਦੇ 2 ਮਾਮਲਿਆਂ ਵਿੱਚ 5000, ਜਲੰਧਰ -1 ਦੇ 4 ਮਾਮਲਿਆਂ ਵਿੱਚ 10000 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸੂਬੇ ਭਰ ਵਿੱਚ 17ਵੇਂ ਸਥਾਨ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਅੱਗ ਲੱਗਣ ਦੀਆਂ 8271 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 172 ਮਾਮਲੇ ਜਲੰਧਰ ਵਿੱਚ ਰਿਪੋਰਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫੀਲਡ ਸਟਾਫ਼ ਵੱਲੋਂ 144 ਮਾਮਲਿਆਂ ਵਿੱਚ ਭੌਤਿਕ ਪੜਤਾਲ ਲਈ ਮੌਕੇ ਦਾ ਦੌਰਾ ਕੀਤਾ ਗਿਆ, ਜੋ ਕਿ ਸੂਬੇ ਭਰ ਵਿੱਚ ਸਭ ਤੋਂ ਵੱਧ ਹੈ।
ਉਨ੍ਹਾਂ ਕਿਹਾ ਕਿ ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਅੱਗ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਪਰ ਕਣਕ ਦੀ ਅਗੇਤੀ ਵਾਢੀ ਕਾਰਨ ਪੂਰੇ ਸੂਬੇ ਵਿੱਚ ਇਹੀ ਰੁਝਾਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਹਰੇਕ ਮਾਮਲੇ ਦੀ ਮੌਕੇ ’ਤੇ ਜਾ ਕੇ ਪੁਸ਼ਟੀ ਨੂੰ ਯਕੀਨੀ ਬਣਾਉਂਦੇ ਹੋਏ ਅਜਿਹੀਆਂ ਘਟਨਾਵਾ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਜਿਥੇ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਸਮੂਹ ਐਸ.ਡੀ.ਐਮ., ਐਸ.ਡੀ.ਓ. ਬਚਨ ਲਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।