Jalandhar By Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਆਮ ਤੌਰ 'ਤੇ ਗਰਮੀਆਂ ਵਿੱਚ ਸਵੇਰੇ ਹੀ ਵੋਟਿੰਗ ਦੀ ਰਫਤਾਰ ਤੇਜ਼ ਹੋ ਜਾਂਦੀ ਹੈ ਪਰ ਇਸ ਵਾਰ ਵੋਟਰ ਘਰੋਂ ਨਹੀਂ ਨਿਕਲੇ। ਵੋਟਰਾਂ ਦੇ ਮੱਠੇ ਉਤਸ਼ਾਹ ਤੋਂ ਲੀਡਰ ਵੀ ਵੱਖ-ਵੱਖ ਕਿਆਸ ਲਾ ਰਹੇ ਹਨ। ਉਂਝ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।



ਉਂਝ ਵੋਟਿੰਗ ਸ਼ਾਂਤੀ ਪੂਰਵਕ ਹੋ ਰਹੀ ਹੈ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਆਮ ਆਦਮੀ ਪਾਰਟੀ ਦਾ ਵਿਧਾਇਕ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। 


ਹਾਸਲ ਜਾਣਕਾਰੀ ਮੁਤਾਬਕ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਇਲਜ਼ਾਮ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਿਹਾ ਸੀ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਵਿਅਕਤੀ ਜਲੰਧਰ ਨਹੀਂ ਆ ਸਕਦੇ। ਇਸ ਦੇ ਬਾਵਜੂਦ ਵਿਧਾਇਕ ਇੱਥੋਂ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।


ਸਾਬਕਾ ਮੰਤਰੀ ਪਰਗਟ ਸਿੰਘ ਦਾ ਦਾਅਵਾ
ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਵੋਟ ਪਾਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, 'ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਣ ਵਾਲੇ ਇਸ ਚੌਤਰਫਾ ਮੁਕਾਬਲੇ 'ਚ ਕਾਂਗਰਸ ਜਿੱਤੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਜਲੰਧਰ ਵਿੱਚ ਕੋਈ ਕੰਮ ਨਹੀਂ ਕੀਤਾ।


ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਲੰਧਰ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ।