Jalandhar News: ਚਾਰ ਸਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਯਾਦ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿੱਚ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿਚ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਜੰਗਲ ਲਗਾਉਣ ਲਈ ਸੀਚੇਵਾਲ ਦੀਆਂ ਦੋ ਨਰਸਰੀਆਂ ਵਿੱਚੋਂ ਮੁਫਤ ਬੂਟੇ ਦਿੱਤੇ ਜਾਣਗੇ।
ਇਸ ਮੌਕੇ ਨਗਰ ਕੌਸਲ ਦੇ ਪ੍ਰਧਾਨ ਦੀਪਕ ਧੀਰ ਤੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਕੌਂਸਲਰਾਂ, ਬੱਚਿਆਂ ਤੇ ਹੋਰ ਸਮਾਜ ਸੇਵੀ ਸਖਸ਼ੀਅਤਾਂ ਨੇ ਇੱਕ ਘੰਟੇ ਵਿੱਚ ਹੀ 300 ਤੋਂ ਵੱਧ ਬੂਟੇ ਲਾਏ। ਜੰਗਲ ਲਾਉਣ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਗੁਰਪ੍ਰਕਾਸ਼ ਵਿੱਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਯਾਦ ਨੂੰ ਸਮਰਪਿਤ ਆਖੰਡ ਪਾਠ ਦੇ ਭੋਗ ਪਾਏ ਗਏ ਤੇ ਬੱਚਿਆਂ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ।
ਉਪਰੰਤ ਸੰਤ ਸੀਚੇਵਾਲ ਵੱਲੋਂ ਕਥਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਨਗਰੀ ਸੁਲਤਨਾਪੁਰ ਲੋਧੀ ਨੂੰ ਇੰਦੌਰ ਸ਼ਹਿਰ ਵਾਂਗ ਦੇਸ਼ ਦਾ ਖੂਬਸੂਰਤ ਸ਼ਹਿਰ ਬਣਾਇਆ ਜਾਵੇਗਾ। ਸ਼ਹਿਰ ਦੇ 13 ਵਾਰਡਾਂ ਵਿੱਚ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਕਰਨ ਲਈ ਨਗਰ ਕੌਂਸਲ ਨਾਲ ਮਿਲ ਕੇ ਕੂੜੇਦਾਨਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ 30 ਦਸੰਬਰ ਨੂੰ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਦੇ ਵਾਰਡ ਨੰ. 8 ਤੋਂ ਕੀਤੀ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਨੇ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਗਿੱਲੇ ਤੇ ਸੁੱਕੇ ਕੂੜੇ ਨੂੰ ਪਹਿਲ ਦੇ ਅਧਾਰ ਤੇ ਵੱਖ ਕਰਨ ਦੇ ਪ੍ਰਜੈਕਟ ਨੂੰ ਅਮਲ ਵਿਚ ਲਿਆਂਦਾ ਜਾਵੇਗਾ ਤੇ ਪੁਰਾਣੇ ਠੋਸ ਕੂੜੇ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਕਿ ਉਹ ਕੇਂਦਰ ਸਰਕਾਰ ਤੋਂ ਸਮਾਰਟ ਸਿਟੀ ਲਈ ਮਿਲਣ ਵਾਲੇ ਫੰਡ ਨੂੰ ਦਿਵਾਉਣ ਵਿਚ ਮਦੱਦ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।