ਅੰਮ੍ਰਿਤਸਰ: ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਸਰਕਾਰ ਵੱਲੋਂ 2019 ਵਿੱਚ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਸਬੰਧੀ ਜਲ੍ਹਿਆਂਵਾਲਾ ਬਾਗ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਸ ਦਾ ਨਵੇਂ ਸਿਰ ਤੋਂ ਸੁੰਦਰੀਕਰਨ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨਾਲ ਆਰਕੀਟੈਕਟ ਦੀ ਟੀਮ ਵੀ ਇੱਥੇ ਆਈ ਹੋਈ ਹੈ।
ਕਰਤਾਰਪੁਰ ਲਾਂਘੇ ਦੇ ਮਸਲੇ 'ਤੇ ਮਹੇਸ਼ ਸ਼ਰਮਾ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਭਾਰਤ ਸਰਕਾਰ ਨੇ ਸਿੱਖਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਇਸ ਲਈ ਕੇਂਦਰ ਸਰਕਾਰ ਨੇ ਉਪਰਾਲੇ ਵੀ ਸ਼ੁਰੂ ਕਰ ਦਿੱਤੇ ਹਨ।
ਮਹੇਸ਼ ਸ਼ਰਮਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਸੰਦੇਸ਼ ਲੈ ਕੇ ਇੱਥੇ ਆਏ ਹਨ। ਗੁਰ ਪੁਰਬ ਮੌਕੇ ਜੋ ਤੋਹਫਾ ਪ੍ਰਧਾਨ ਮੰਤਰੀ ਨੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਦਿੱਤਾ ਹੈ, ਉਸ ਦੀ ਖ਼ੁਸ਼ੀ ਸਾਂਝੀ ਕਰਨ ਆਏ ਹਨ।