ਅੰਮ੍ਰਿਤਸਰ: ਜੰਮੂ ਵਿੱਚ 4 ਜੂਨ, 2015 ਨੂੰ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਮਾਰੇ ਗਏ ਸਿੱਖ ਨੌਜਵਾਨ ਜਸਜੀਤ ਸਿੰਘ ਜੰਮੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦ ਕਰਾਰ ਦਿੰਦਿਆਂ ਉਸ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਬਣੇ ਹੋਏ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾ ਦਿੱਤਾ ਗਿਆ ਹੈ।


ਇਸ ਸਬੰਧੀ ਫ਼ੈਸਲਾ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਸੀ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।

ਤਸਵੀਰ ਤੋਂ ਪਰਦਾ ਹਟਾਉਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜਸਜੀਤ ਸਿੰਘ ਨੇ ਛੋਟੀ ਉਮਰ ਵਿੱਚ ਵੱਡੀ ਕੁਰਬਾਨੀ ਦਿੱਤੀ ਹੈ। ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਤਸਵੀਰ ਲੱਗੇ ਇਸ਼ਤਿਹਾਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਪਾੜ ਦਿੱਤਾ ਸੀ। ਇਸ ਖ਼ਿਲਾਫ਼ ਨੌਜਵਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ। ਇਨ੍ਹਾਂ ਨੌਜਵਾਨਾਂ 'ਤੇ ਪੁਲੀਸ ਨੇ ਅੰਨ੍ਹੇਵਾਹ ਗੋਲੀ ਚਲਾਈ, ਜਿਸ ਵਿੱਚ ਜਸਜੀਤ ਸਿੰਘ ਦੀ ਮੌਤ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਜੋ ਸਿੱਖ ਕੌਮ ਵਾਸਤੇ ਕੁਝ ਕਰਕੇ ਜਾਂਦੇ ਹਨ, ਉਨ੍ਹਾਂ ਦੀ ਯਾਦ ਨੂੰ ਹਮੇਸ਼ਾ ਵਾਸਤੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੰਭਾਲ ਕੇ ਰੱਖਿਆ ਜਾਂਦਾ ਹੈ। ਇਸ ਮੌਕੇ ਜਸਜੀਤ ਸਿੰਘ ਦੇ ਪਿਤਾ ਨਰਵੀਰ ਸਿੰਘ, ਮਾਤਾ ਰਾਜ ਕੌਰ ਤੇ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਜੰਮੂ ਦੇ ਪ੍ਰਧਾਨ ਅਜਮੀਤ ਸਿੰਘ ਤੇ ਨਾਲ ਆਏ ਮੈਂਬਰਾਂ ਨੂੰ ਸਿਰੋਪਾ ਦਿੱਤਾ ਗਿਆ।