ਅਕਾਲ ਤਖ਼ਤ ਵੱਲੋਂ ਬਲਾਤਕਾਰੀਆਂ ਨੂੰ ਸ਼ਰ੍ਹੇਆਮ ਗੋਲ਼ੀ ਮਾਰਨ ਦੀ ਸਲਾਹ
ਏਬੀਪੀ ਸਾਂਝਾ | 30 Jun 2018 03:02 PM (IST)
ਪੁਰਾਣੀ ਤਸਵੀਰ
ਅੰਮ੍ਰਿਤਸਰ: ਅਕਾਲਤ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਬਲਾਤਕਾਰ ਦੇ ਦੋਸ਼ੀਆਂ ਨੂੰ ਸ਼ਰ੍ਹੇਆਮ ਗੋਲ਼ੀ ਮਾਰ ਦੇਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਐਲਾਨ ਦੀ ਵੀ ਸ਼ਲਾਘਾ ਕੀਤੀ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦਾ ਐਲਾਨ ਇੱਕ ਸ਼ਲਾਗਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਐਲਾਨ ਹੀ ਨਾ ਰਹੇ ਬਲਕਿ ਇਸ 'ਤੇ ਅਮਲ ਵੀ ਕੀਤਾ ਜਾਵੇ। ਜਥੇਦਾਰ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ੀ ਨੂੰ ਸ਼ਰ੍ਹੇਆਮ ਗੋਲ਼ੀ ਮਾਰ ਦੇਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਲੰਘੀ 27 ਜੂਨ ਨੂੰ ਹੋਈ ਕੈਬਨਿਟ ਬੈਠਕ ਵਿੱਚ ਇਹ ਮਤਾ ਪਾਸ ਕੀਤਾ ਸੀ ਕਿ 12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਹੋਵੇਗੀ ਤੇ ਇਨ੍ਹਾਂ ਮਾਮਲਿਆਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਜਾਂਚ ਪੂਰੀ ਕਰਨੀ ਹੋਵੇਗੀ ਤੇ ਛੇ ਮਹੀਨਿਆਂ ਵਿੱਚ ਫੈਸਲਾ ਸੁਣਾਉਣਾ ਹੋਵੇਗਾ। ਮਤਾ ਪਾਸ ਹੋਣ ਤੋਂ ਅਗਲੇ ਦਿਨ ਬਠਿੰਡਾ ਵਿੱਚ ਇੱਕ ਬੱਚੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਸੀ ਤੇ ਬੀਤੇ ਕੱਲ੍ਹ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪੀੜਤ ਪਰਿਵਾਰ ਨੂੰ ਮਿਲ ਕੇ ਆਏ ਸਨ।