Amritsar News: ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕਰਮਚਾਰੀਆਂ ਦੇ ਨਸ਼ਿਆਂ ਸਬੰਧੀ ਟੈਸਟ ਕਰਵਾਉਣ ਦੇ ਕੀਤੇ ਗਏ ਫੈਸਲੇ ਦਾ ਪਟਨਾ ਸਾਹਿਬ ਵਿਖੇ ਸਖ਼ਤ ਵਿਰੋਧ ਹੋਇਆ ਹੈ। ਇਸੇ ਤਰ੍ਹਾਂ ਪ੍ਰਬੰਧਕੀ ਬੋਰਡ ਦੇ ਦੋ ਮੈਂਬਰਾਂ, ਜਿਨ੍ਹਾਂ ਨੂੰ ਤਨਖਾਹ ਲਾਈ ਗਈ ਹੈ, ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ।



ਹਾਸਲ ਜਾਣਕਾਰੀ ਮੁਤਾਬਕ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕੁਝ ਕਰਮਚਾਰੀਆਂ ਤੇ ਹੋਰਨਾਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧ ਵਿੱਚ ਰੋਸ ਵਿਖਾਵਾ ਕੀਤਾ ਗਿਆ ਤੇ ਪੁਤਲਾ ਸਾੜਿਆ ਗਿਆ।


 ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਿਸ

ਦੱਸ ਦਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ  ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਜਦੋਂਕਿ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਤਨਖ਼ਾਹ ਲਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਬੋਰਡ ਦੇ ਇੱਕ ਮੈਂਬਰ ਨੂੰ ਉੱਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖ਼ਾਹ ਨੂੰ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ ਹਨ।

ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਧੇਰੇ ਮੁਲਾਜ਼ਮ ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕਰਦੇ ਹਨ। ਉਨ੍ਹਾਂ ਪ੍ਰਬੰਧਕੀ ਕਮੇਟੀ ਨੂੰ ਮੁਲਾਜ਼ਮਾਂ ਦੇ ਨਸ਼ਿਆਂ ਸਬੰਧੀ ਟੈਸਟ ਕਰਵਾਉਣ ਤੇ ਦੋਸ਼ੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਸਬੰਧੀ ਆਦੇਸ਼ ਦਿੱਤੇ। ਉਨ੍ਹਾਂ ਤਖ਼ਤ ਸਾਹਿਬ ਦੇ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀਆਂ ਸੇਵਾਵਾਂ ਵੀ ਤੁਰੰਤ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।