ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜ਼ੈੱਡ ਸੁਰੱਖਿਆ 'ਤੇ ਜਥੇਦਾਰ ਨੇ  ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸੁਰੱਖਿਆ ਰੱਖਣੀ ਅਸੰਭਵ ਹੈ।


ਇਸ ਤੋਂ ਪਹਿਲਾਂ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਸੀਆਰਪੀਐਫ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।


ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ, ਉਨ੍ਹਾਂ ਦੀ ਸੁਰੱਖਿਆ ਵਿੱਚ ਛੇ ਪੁਲੀਸ ਮੁਲਾਜ਼ਮ ਤਾਇਨਾਤ ਸੀ ਜਿਨ੍ਹਾਂ ਨੂੰ ਘਟਾ ਕੇ ਤਿੰਨ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹ ਬਾਕੀ ਰਹਿੰਦੇ 3 ਸੁਰੱਖਿਆ ਮੁਲਾਜ਼ਮਾਂ ਨੂੰ ਵੀ ਸੂਬਾ ਸਰਕਾਰ ਨੂੰ ਵਾਪਸ ਕਰ ਦੇਣਗੇ ਕਿਉਂਕਿ ਉਹ ਸੂਬਾ ਸਰਕਾਰ ਤੋਂ ਸੁਰੱਖਿਆ ਨਹੀਂ ਚਾਹੁੰਦੇ। ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਦੇ ਨੌਜਵਾਨ ਹੀ ਕਾਫੀ ਹਨ।


ਸੂਤਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ। ਜਿਸ ਤੋਂ ਬਾਅਦ ਜਲਦਬਾਜ਼ੀ 'ਚ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਫੈਸਲਾ ਲਿਆ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਤੁਰੰਤ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਯਾਦ ਰਹੇ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਪੰਜਾਬ ਵਿੱਚ ਸੁਰੱਖਿਆ ਘਟਾਏ ਜਾਣ ਤੋਂ 24 ਘੰਟਿਆਂ ਦੇ ਅੰਦਰ ਹੀ ਹੱਤਿਆ ਕਰ ਦਿੱਤੀ ਗਈ ਸੀ।


ਸੂਤਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਕੇਂਦਰੀ ਅਰਧ ਸੈਨਿਕ ਬਲ ਸੀਆਰਪੀਐਫ ਨੂੰ ਆਪਣੀ ਸੁਰੱਖਿਆ ਹੇਠ ਤਾਇਨਾਤ ਕੀਤਾ ਹੈ। ਜਲਦੀ ਹੀ ਸੀਆਰਪੀਐਫ ਦੇ ਜਵਾਨ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਸੰਭਾਲਣਗੇ।