ਸਖਤ ਸੁਰੱਖਿਆ ਘੇਰੇ ਹੇਠ ਅਕਾਲ ਤਖ਼ਤ ਦੇ ਜਥੇਦਾਰ, ਕੇਂਦਰ ਦੀ ਜ਼ੈੱਡ ਸਿਕਊਰਟੀ ਦੇ ਨਾਲ ਹੀ ਪੰਜਾਬ ਪੁਲਿਸ ਦੇ ਜਵਾਨ ਵੀ ਤਾਇਨਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਣ ਕੇਂਦਰ ਸਰਕਾਰ ਦੀ ਜ਼ੈੱਡ ਸੁਰੱਖਿਆ ਹੇਠ ਹਨ। ਇਸ ਦੇ ਨਾਲ ਹੀ ਜਥੇਦਾਰ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਣ ਕੇਂਦਰ ਸਰਕਾਰ ਦੀ ਜ਼ੈੱਡ ਸੁਰੱਖਿਆ ਹੇਠ ਹਨ। ਇਸ ਦੇ ਨਾਲ ਹੀ ਜਥੇਦਾਰ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮੀਟਿੰਗ ਤੋਂ ਬਾਅਦ ਹੁਣ ਜਥੇਦਾਰ ਪੂਰੀ ਸਰਕਾਰੀ ਸੁਰੱਖਿਆ ਹੇਠ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਸੁਰੱਖਿਆ ਵਾਪਸ ਕਰ ਦਿੱਤੀ ਸੀ। ਇਸ ਤੋਂ ਬਾਅਦ ਜਿੱਥੇ ਕੇਂਦਰ ਸਰਕਾਰ ਨੇ ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ, ਉਥੇ ਹੀ ਸ਼੍ਰੋਮਣੀ ਕਮੇਟੀ ਨੇ ਆਪਣੇ ਪੱਧਰ 'ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੁਰੱਖਿਆ ਦੇਣ ਦੀ ਗੱਲ ਕਹੀ ਸੀ।
ਜਥੇਦਾਰ ਨੇ ਕੇਂਦਰ ਸਰਕਾਰ ਦੀ ਜੈਡ ਸੁਰੱਖਿਆ ਲੈਣ ਤੋਂ ਅਸਮਰੱਥਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਉਹ ਸਿੱਖੀ ਦੇ ਪ੍ਰਚਾਰ ਲਈ ਦੇਸ਼-ਵਿਦੇਸ਼ ਦੇ ਦੌਰੇ 'ਤੇ ਰਹਿੰਦੇ ਹਨ ਤੇ ਇਸ ਦੌਰਾਨ ਸਿੱਖ ਸ਼ਰਧਾਲੂਆਂ ਦੀ ਰਿਹਾਇਸ਼ 'ਤੇ ਹੀ ਰਹਿਣਾ ਪੈਂਦਾ ਹੈ। ਸੁਰੱਖਿਆ ਲੈਣਾ ਠੀਕ ਨਹੀਂ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 5 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਹੋਈ ਮੁਲਾਕਾਤ ਦੌਰਾਨ ਵੀ ਇਸ ਬਾਰੇ ਲੰਬੀ ਚਰਚਾ ਹੋਈ।
ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਜਥੇਦਾਰ ਦੀ ਜ਼ੈੱਡ ਸੁਰੱਖਿਆ ਹੇਠ ਸਿੱਖ ਕਮਾਂਡੋ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵੀ ਬਹਾਲ ਕਰ ਦਿੱਤੀ ਹੈ। ਦੂਜੇ ਪਾਸੇ ਇਹ ਵੀ ਖ਼ਬਰ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਸੀ ਪਰ ਸੁਰੱਖਿਆ ਵਾਪਸ ਨਹੀਂ ਬੁਲਾਈ ਗਈ।