ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਪੁੱਤਰ ਗੁਰਪ੍ਰਸਾਦ ਸਿੰਘ ਨੂੰ ਜਾਇਦਾਦ ਤੋਂ ਬੇਦਖ਼ਲ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਇਹ ਪੱਤਰ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਨੂੰ ਭੇਜਿਆ ਗਿਆ ਹੈ।
ਪੁੱਤਰ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਉਨ੍ਹਾਂ ਇਹ ਕਦਮ ਉਠਾਇਆ ਹੈ। ਇਹ ਬੇਦਖ਼ਲੀ ਉਸ ਵੇਲੇ ਤਕ ਹੈ ਜਦੋਂ ਤਕ ਉਹ ਆਪਣੇ ਆਪ ਨੂੰ ਬੇਗੁਨਾਹ ਤੇ ਨਿਰਦੋਸ਼ ਸਾਬਤ ਨਹੀਂ ਕਰ ਦਿੰਦਾ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਪੁੱਤਰ ਦੀ ਕਾਰਵਾਈ ਨਾਲ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਹੋਈ ਹੈ।
ਉਨ੍ਹਾਂ ਆਖਿਆ ਕਿ 2015 ਤੋਂ ਉਸ ਦਾ ਬੇਟਾ ਉਨ੍ਹਾਂ ਨਾਲ ਰਹਿ ਰਿਹਾ ਹੈ ਅਤੇ ਉਸ ਦੀ ਕਾਰਵਾਈ ਨਾਲ ਉਨ੍ਹਾਂ ਦੇ ਮਾਣ ਸਨਮਾਨ ਨੂੰ ਠੇਸ ਪੁੱਜੀ ਹੈ। ਪੱਤਰ ਦੇ ਸਬੰਧ ਵਿੱਚ ਜਥੇਦਾਰ ਗਿਆਨੀ ਇਕਬਾਲ ਸਿੰਘ ਨਾਲ ਗੱਲਬਾਤ ਨਹੀਂ ਹੋ ਸਕੀ। ਉਨ੍ਹਾਂ ਇਸ ਸਬੰਧੀ ਫੋਨ ਸੁਨਣ ਤੋਂ ਗੁਰੇਜ਼ ਕੀਤਾ।
ਵੇਰਵਿਆਂ ਮੁਤਾਬਕ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਵਾਇਰਲ ਹੋਈ ਵੀਡੀਓ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ ਤੇ ਗੁਰਪ੍ਰਸਾਦ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਵਾਇਰਲ ਹੋਈ ਇਸ ਵੀਡਿਓ ਦੇ ਸਬੰਧ ਵਿੱਚ 24 ਘੰਟਿਆਂ ਵਿੱਚ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ।