ਜਿੰਪਾ ਵੱਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਿੱਜਰ ਨਾਲ ਮੁਲਾਕਾਤ
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੀਤੇ ਦਿਨੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਮੁਲਾਕਾਤ ਕੀਤੀ। ਹੋਰਨਾਂ ਕਈ ਮਸਲਿਆਂ ਤੋਂ ਇਲਾਵਾ ਜਿੰਪਾ ਨੇ ਨਿੱਜਰ ਨਾਲ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਵੱਖ-ਵੱਖ ਨੁਕਤਿਆਂ ‘ਤੇ ਵਿਚਾਰ-ਚਰਚਾ ਕੀਤੀ।
Punjab News: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੀਤੇ ਦਿਨੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਮੁਲਾਕਾਤ ਕੀਤੀ। ਹੋਰਨਾਂ ਕਈ ਮਸਲਿਆਂ ਤੋਂ ਇਲਾਵਾ ਜਿੰਪਾ ਨੇ ਨਿੱਜਰ ਨਾਲ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਵੱਖ-ਵੱਖ ਨੁਕਤਿਆਂ ‘ਤੇ ਵਿਚਾਰ-ਚਰਚਾ ਕੀਤੀ।
ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਇਤਿਹਾਸਕ, ਸਮਾਜਕ ਅਤੇ ਕੌਮੀ ਮਹੱਤਤਾ ਨੂੰ ਵੇਖਦਿਆਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਵਿਸ਼ੇਸ਼ ਤਵੱਜੋਂ ਦੇ ਕੇ ਸ਼ਹਿਰ ਦਾ ਸਮੁੱਚਾ ਸਥਾਈ ਵਿਕਾਸ ਕਰਵਾਉਣ ਲਈ ਹੋਰ ਉੱਦਮ ਤੇ ਪਹਿਲਕਦਮੀਆਂ ਅਮਲ ਵਿਚ ਲਿਆਉਣੀਆਂ ਚਾਹੀਦੀਆਂ ਹਨ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਪੰਜਾਬ ਦੇ ਚਹੁੰਮੁਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਾਸੀਆਂ ਨੂੰ ਪੁਖਤਾ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਉੱਥੇ ਹੀ ਖੁਦ ਮੁੱਖ ਮੰਤਰੀ ਨੇ ਸ਼ਹਿਰਾਂ ਦੇ ਵਿਕਾਸ ਲਈ ਕਈ ਯੋਜਨਾਵਾਂ ਉਲੀਕੀਆਂ ਹਨ।
ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਪਾਣੀ ਦੀ ਨਿਕਾਸੀ ਲਈ ਵਿਸ਼ੇਸ਼ ਕਾਰਜ ਕੀਤੇ ਜਾਣੇ ਸਮੇਂ ਦੀ ਮੁੱਖ ਲੋੜ ਹੈ ਅਤੇ ਜਿਹੜੇ ਨਾਲਿਆਂ ਤੇ ਪਾਣੀ ਨਿਕਾਸੀ ਦੀਆਂ ਥਾਂਵਾਂ ‘ਤੇ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਤੁਰੰਤ ਮੁਕਤ ਕਰਵਾਇਆ ਜਾਣਾ ਚਾਹੀਦਾ ਹੈ।
ਜਿੰਪਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਦੱਸਿਆ ਕਿ ਹੁਸ਼ਿਆਰਪੁਰ ਪੰਜਾਬ ਦਾ ਇਕ ਮਹੱਤਵਪੂਰਣ ਸ਼ਹਿਰ ਹੈ ਜੋ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦਾ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਸ਼ਹਿਰ ਰਾਹੀਂ ਸ਼ਰਧਾਲੂ ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਣ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ।
ਜਿੰਪਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਅਤੇ ਮੈਕਲੋਡ ਗੰਜ ਜਾਣ ਲਈ ਵੀ ਲੱਖਾਂ ਲੋਕ ਹੁਸ਼ਿਆਰਪੁਰ ਰਾਹੀਂ ਜਾਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਸ਼ਹਿਰ ਦੀ ਮਹੱਤਤਾ ਨੂੰ ਵੇਖਦਿਆਂ ਇਸ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਭਰੋਸਾ ਦਿੱਤਾ ਕਿ ਜਿਹੜੀਆਂ ਵੀ ਯੋਜਵਾਨਾਂ ਹੁਸ਼ਿਆਰਪੁਰ ਦੇ ਵਿਕਾਸ ਲਈ ਬਣਨਗੀਆਂ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਅਮਲ ਵਿਚ ਲਿਆਂਦਾ ਜਾਵੇਗਾ।