Farmers Protest: ਕੇਂਦਰ ਸਰਕਾਰ ਵਾਪਸ ਲਏ ਖੇਤੀ ਕਾਨੂੰਨਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਲਾਗੂ ਕਰਨ ਦਾ ਰਾਹ ਲੱਭ ਰਹੀ ਹੈ। ਕੇਂਦਰ ਸਰਕਾਰ ਨੇ ਨਵੰਬਰ ’ਚ ਇਸ ਸਬੰਧੀ ਸੂਬਿਆਂ ਖਰੜਾ ਨੂੰ ਭੇਜਿਆ ਗਿਆ ਹੈ। ਇਸ ਵਿੱਚ ਸਰਕਾਰ ਵੱਲੋਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਤੋਂ ਪਿੱਛੇ ਹਟਣ ਦੇ ਸੰਕੇਤ ਮਿਲੇ ਹਨ। ਇਸ ਖਰੜੇ ਵਿੱਚ ਏਪੀਐਮਸੀ ਐਕਟ ਵਿੱਚ ਸੋਧ ਕਰਨ ਦੀ ਯੋਜਨਾ ਹੈ ਤਾਂ ਜੋ ਸਾਇਲੋਜ਼ ਨੂੰ ਮਾਰਕੀਟ ਯਾਰਡਾਂ ਵਿੱਚ ਤਬਦੀਲ ਕਰ ਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਖੇਤਾਂ ਵਿੱਚੋਂ ਚੁੱਕਿਆ ਜਾ ਸਕੇ। ਇਹ ਦਾਅਵਾ ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ ਹੈ।


ਉਗਰਾਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਸੂਚਨਾ ਮਿਲੀ ਹੈ ਕਿ ਕੇਂਦਰ ਸਰਕਾਰ ਪਿਛਲੇ ਰਸਤਿਓਂ ਵਾਪਸ ਲਏ ਖੇਤੀ ਕਾਨੂੰਨ ਮੁੜ ਲਾਗੂ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਥਾਂ ਕੀਮਤ ਬੀਮਾ ਯੋਜਨਾ ਲਾਗੂ ਕਰਨ ਦੀ ਯੋਜਨਾ ਬਣਾਈ ਹੈ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਇਸ ਦਾ ਪੂਰਾ ਖਰੜਾ ਮੰਗਿਆ ਹੈ ਤੇ ਇਸ ਦੀ ਸਮੀਖਿਆ ਤੋਂ ਬਾਅਦ ਸੰਘਰਸ਼ ਬਾਰੇ ਫ਼ੈਸਲਾ ਲਿਆ ਜਾਵੇਗਾ।


ਦੱਸ ਦਈਏ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਮਗਰੋਂ ਚਾਹੇ ਤਿੰਨ ਕਾਨੂੰਨ ਵਾਪਸ ਲੈ ਲਏ ਸੀ ਪਰ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਈ ਮੰਗਾਂ ਅਜੇ ਵੀ ਪੂਰੀਆਂ ਨਹੀਂ ਕੀਤੀਆਂ ਹਨ। ਇਸ ਲਈ ਪਿਛਲੇ 10 ਮਹੀਨਿਆਂ ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਕਿਸਾਨ ਡਟੇ ਹੋਏ ਹਨ। ਇਸ ਵਾਰ ਬੀਕੇਯੂ ਏਕਤਾ (ਉਗਰਾਹਾਂ) ਅੰਦੋਲਨ ਤੋਂ ਬਾਹਰ ਹੈ ਪਰ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਵੀ ਮੋਰਚਾ ਖੋਲ੍ਹ ਸਕਦੇ ਹਨ।


ਉਧਰ,ਖਨੌਰੀ ਬਾਰਡਰ ’ਤੇ 17 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜੁਕ ਹੋ ਗਈ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ ਵੀ ਜਾਣਦੇ ਹਨ ਕਿ ਪੰਜਾਬ ਕਿੱਧਰ ਨੂੰ ਜਾ ਰਿਹਾ ਹੈ। ਜਗਜੀਤ ਡੱਲੇਵਾਲ ਦੇ ਹਵਾਲੇ ਨਾਲ ਉਨ੍ਹਾਂ ਨੇ ਢਾਬੀ ਗੁੱਜਰਾਂ ਬਾਰਡਰ ਤੋਂ ਇਲਾਵਾ ਸ਼ੰਭੂ ਬਾਰਡਰ ’ਤੇ ਵੀ ਕੁਝ ਨਾ ਕੁਝ ਵੱਡਾ ਵਾਪਰਨ ਵੱਲ ਇਸ਼ਾਰਾ ਕੀਤਾ। ਇਸੇ ਹਵਾਲੇ ਨਾਲ ਕਿਹਾ ਕਿ ਕੇਂਦਰ ਸਰਕਾਰ ਨੂੰ ਪ੍ਰਸਥਿਤੀਆਂ ਨੂੰ ਸਮਝਦਿਆਂ ਵੇਲਾ ਹੱਥੋਂ ਨਿਕਲਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰ ਲੈਣਾ ਚਾਹੀਦਾ ਹੈ।


ਕਿਸਾਨ ਲੀਡਰ ਤੇਜਵੀਰ ਸਿੰਘ ਪੰਜੋਖਰਾ ਦਾ ਕਹਿਣਾ ਸੀ ਕਿ ਜਿਵੇਂ ਏਜੰਸੀਆਂ ਨੇ ਇੱਕ ਵਾਰ ਇਸ ਮੋਰਚੇ ’ਤੇ ਪਹਿਲਾਂ ਵੀ ਹਮਲੇ ਦੀ ਕੋਸ਼ਿਸ ਕੀਤੀ ਸੀ, ਉਸੇ ਹੀ ਤਰ੍ਹਾਂ ਹੁਣ ਕਿਉਂਕਿ ਇਹ ਮੋਰਚਾ ਸਿਖਰਾਂ ’ਤੇ ਪਹੁੰਚ ਚੁੱਕਿਆ ਹੈ, ਇਸ ਕਰਕੇ ਏਜੰਸੀਆਂ ਮਾੜੇ ਅਨਸਰਾਂ ਦੀ ਸ਼ਮੂਲੀਅਤ ਕਰਵਾ ਕੇ ਕੁਝ ਨਾ ਕੁਝ ਕਰਵਾ ਸਕਦੀਆਂ ਹਨ। ਉਨ੍ਹਾਂ ਨੇ 26 ਨਵੰਬਰ ਵਰਗੀ ਘਟਨਾ ਵਾਪਰਨ ਦਾ ਖਦਸ਼ਾ ਪ੍ਰਗਟਾਇਆ।