Ugrahan Vs Pandher: ਕਿਸਾਨ ਅੰਦੋਲਨ ਵਿਚਾਲੇ ਪੰਜਾਬ ਦੀਆਂ ਦੋ ਵੱਡੀਆਂ ਕਿਸਾਨ ਜਥੇਬੰਦੀਆਂ ਦੇ ਲੀਡਰ ਆਹਮੋ ਸਾਹਮਣੇ ਹੋ ਗਏ ਹਨ। ਇੱਕ ਦੂਜੇ 'ਤੇ ਵਾਰ ਪਲਟ ਵਾਰ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਦੂਜੇ 'ਤੇ ਇਲਜ਼ਾਮ ਲਾਏ ਹਨ। 



ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦਿੱਲੀ ਮਾਰਚ ਦਾ ਸੱਦਾ ਸੰਯੁਕਤ ਕਿਸਾਨ ਮੋਰਚਾ ਦਾ ਨਹੀਂ ਸਗੋਂ ਕੁਝ ਕਿਸਾਨ ਜਥੇਬੰਦੀਆਂ ਦਾ ਸੀ। ਅੰਦੋਲਨ ਨੂੰ ਲੈ ਕੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਇਨ੍ਹਾਂ ਜਥੇਬੰਦੀਆਂ ਨਾਲ ਉਸ ਦੇ ਵਿਚਾਰਧਾਰਕ ਮਤਭੇਦ ਹਨ।


ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਰੋਸ ਰੈਲੀ ਰੱਖੀ ਗਈ ਹੈ, ਜਿਸ 'ਚ ਸਾਡੀ ਜਥੇਬੰਦੀ ਸ਼ਮੂਲੀਅਤ ਕਰੇਗੀ। ਅਗਲੀ ਰਣਨੀਤੀ 'ਤੇ ਵਿਚਾਰ ਕਰਨ ਲਈ ਬੁੱਧਵਾਰ ਨੂੰ ਯੂਨੀਅਨ ਦੀ ਮੀਟਿੰਗ ਰੱਖੀ ਗਈ ਹੈ। ਜਿਸ ਵਿੱਚ ਉਹ ਆਪਣੇ ਅਗਲੇ ਸੰਘਰਸ਼ ਦਾ ਐਲਾਨ ਕਰੇਗੀ। ਉਗਰਾਹਾਂ ਨੇ ਕਿਹਾ ਕਿ ਯੂਨੀਅਨ ਨੇ ਕਿਸਾਨਾਂ ਦੀਆਂ ਮੰਗਾਂ ਲਈ ਹਮੇਸ਼ਾ ਸੰਘਰਸ਼ ਕੀਤਾ ਹੈ। ਲੜਾਈ ਅੱਗੇ ਵੀ ਜਾਰੀ ਰਹੇਗੀ।



ਸ਼ੰਭੂ ਸਰਹੱਦ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਸਾਹਮਣੇ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਵੀ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਪਿਛਲੇ ਸਾਲ ਅਕਤੂਬਰ ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁਰਾਣੇ ਕਿਸਾਨ ਆਗੂਆਂ ਨਾਲ 13 ਦੇ ਕਰੀਬ ਮੀਟਿੰਗਾਂ ਹੋਈਆਂ ਸਨ।



ਮੀਟਿੰਗਾਂ ਦੇ ਵੇਰਵੇ ਜਨਤਕ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਹਿੰਦੇ ਹਨ ਮੈਂ ਇਨ੍ਹਾਂ ਕਿਸਾਨ ਆਗੂਆਂ ਨੂੰ ਸੱਦਾ ਪੱਤਰ ਨਹੀਂ ਭੇਜਿਆ। ਮੈਂ ਉਨ੍ਹਾਂ ਨੂੰ ਦੱਸਦਾ ਚਾਹੁੰਦਾਂ ਹਾਂ ਕਿ ਅਸੀਂ ਇਕ ਵਾਰ ਨਹੀਂ ਸਗੋਂ 13 ਵਾਰ ਸੱਦਾ ਭੇਜਿਆ ਪਰ ਉਨ੍ਹਾਂ ਕਿਸਾਨ ਆਗੂਆਂ ਨੇ ਕਦੇ ਦਿਲਚਸਪੀ ਨਹੀਂ ਦਿਖਾਈ। ਇਸ ਲਈ ਮੇਰੇ ਵਿਰੁੱਧ ਇਹ ਦੋਸ਼ ਲਾਉਣਾ ਬੇਬੁਨਿਆਦ ਹੈ ਕਿ ਮੈਂ ਕਿਸੇ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਕਿਸੇ ਨੂੰ ਇਸ ਅੰਦੋਲਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪੰਧੇਰ ਨੇ ਇਨ੍ਹਾਂ 13 ਮੀਟਿੰਗਾਂ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੇ ਨਾਂ ਵੀ ਜਨਤਕ ਕੀਤੇ।