ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਮੇਤ ਸ੍ਰੀ ਹਮਿੰਮਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਦਰਸ਼ਨੀ ਡਿਊੜੀ ਰਾਹੀਂ ਮੱਥਾ ਟੇਕਣ ਲਈ ਪਰਿਵਾਰ ਸਮੇਤ ਪੁੱਜੇ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਟਰੂਡੋ ਪਰਿਵਾਰ ਨੂੰ ਸਿਰੋਪਾ ਭੇਟ ਕੀਤਾ। ਟਰੂਡੋ ਨੇ 10 ਮਿੰਟ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ।


ਇਸ ਮੌਕੇ ਟਰੂਡੋ ਨਾਲ ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੂਰੀ, ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ ਮੌਜੂਦ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਸਟਿਨ ਟਰੂਡੋ ਦਾ ਸਵਾਗਤ ਕੀਤਾ।

ਲੰਗਰ ਘਰ 'ਚ ਸੇਵਾ ਕਰ ਕੇ ਟਰੂਡੋ ਪਾਰਟੀਸ਼ਨ ਮਿਊਜ਼ੀਅਮ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਟਰੂਡੋ ਪੰਜ ਸਿਤਾਰਾ ਹੋਟਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।

ਟਰੂਡੋ ਪਰਿਵਾਰ ਤੇ ਨਾਲ ਆਏ ਮੰਤਰੀਆਂ ਲਈ ਪੰਜਾਬ ਸਰਕਾਰ ਵੱਲੋਂ ਦੁਪਹਿਰ ਦਾ ਖਾਣਾ ਵੀ ਇੱਥੇ ਹੀ ਰੱਖਿਆ ਗਿਆ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜਸਟਿਨ ਟਰੂਡੋ ਦੋ ਵਜੇ ਦੇ ਕਰੀਬ ਹਵਾਈ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋ ਜਾਣਗੇ।