Kangana Ranaut Controversy: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਵਿਵਾਦਾਂ ਵਿੱਚ ਘਿਰ ਗਈ ਹੈ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਲਾਈ ਗਈ ਐਮਰਜੈਂਸੀ 'ਤੇ ਬਣੀ ਹੈ। ਇਸ ਫਿਲਮ ਵਿੱਚ ਦਿਖਾਏ ਕੁਝ ਸੀਨਾਂ ਕਰਕੇ ਸਿੱਖ ਭਾਈਚਾਰਾ ਖਫਾ ਹੈ।


ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਫ਼ਿਲਮ ਵਿੱਚ ਦਿਖਾਏ ਗਏ ਦ੍ਰਿਸ਼ਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ।


ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ, ''ਨਵੀਂ ਫਿਲਮ 'ਐਮਰਜੈਂਸੀ' 'ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੀਆਂ ਖਬਰਾਂ ਹਨ। ਇਸ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਜਾਂ ਅੱਤਵਾਦੀ ਵਜੋਂ ਦਿਖਾਇਆ ਗਿਆ ਹੈ ਤਾਂ ਇਹ ਇੱਕ ਡੂੰਘੀ ਸਾਜ਼ਿਸ਼ ਹੈ। ਇਹ ਫਿਲਮ ਇੱਕ ਮਨੋਵਿਗਿਆਨਕ ਹਮਲਾ ਹੈ, ਜਿਸ ਵੱਲ ਸਰਕਾਰ ਨੂੰ ਪਹਿਲਾਂ ਹੀ ਧਿਆਨ ਦੇਣਾ ਚਾਹੀਦਾ ਹੈ ਤੇ ਦੂਜੇ ਦੇਸ਼ਾਂ ਵਿੱਚ ਸਿੱਖਾਂ ਪ੍ਰਤੀ ਨਫਰਤ ਨੂੰ ਭੜਕਾਉਣਾ ਬੰਦ ਕਰਨਾ ਚਾਹੀਦਾ ਹੈ।



ਫਿਲਮ ਨਫਰਤ ਫੈਲਾਏਗੀ
ਸੰਸਦ ਮੈਂਬਰ ਸਰਬਜੀਤ ਖਾਲਸਾ ਨੇ ਕਿਹਾ ਹੈ ਕਿ ਸਿੱਖਾਂ 'ਤੇ ਨਫ਼ਰਤੀ ਹਮਲਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੇ 'ਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਹੋਰ ਫੈਲਾਏਗੀ। ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜੋ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਸਾਹਮਣੇ ਨਹੀਂ ਆਈਆਂ ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।


ਦੱਸ ਦਈਏ ਕਿ ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ। ਉਸ ਵਿੱਚ 1980ਵਿਆਂ ਵਿੱਚ ਪੰਜਾਬ ਵਿੱਚ ਅੱਤਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ। ਇਸ ਵਿੱਚ ਇੱਕ ਪਾਤਰ ਜਰਨੈਲ ਸਿੰਘ ਭਿੰਡਰਾਂਵਾਲਾ ਵੀ ਹੈ। ਸਰਬਜੀਤ ਖਾਲਸਾ ਦਾ ਮੰਨਣਾ ਹੈ ਕਿ ਬਲਿਊ ਸਟਾਰ ਅਪਰੇਸ਼ਨ ਬਾਰੇ ਵੀ ਫਿਲਮ ਵਿੱਚ ਸੀਨ ਹੈ, ਜੋ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਖਤਮ ਕਰਨ ਲਈ ਹੀ ਕੀਤਾ ਗਿਆ ਸੀ।