ਚੰਡੀਗੜ੍ਹ: ਸੁਖਪਾਲ ਖਹਿਰਾ ਦੀ ਅਗਵਾਈ ਵਾਲੇ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ 12-13 ਵਿਧਾਇਕਾਂ ਨੇ ਬਠਿੰਡਾ ਕਨਵੈਨਸ਼ਨ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ ਹੈ। ਸੁਖਪਾਲ ਖਹਿਰਾ ਨਾਲ ਡਟ ਕੇ ਖੜ੍ਹੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਹੈ ਕਿ ਇਹ ਕਨਵੈਨਸ਼ਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੈ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਹੀ ਉਨ੍ਹਾਂ ਦੇ ਲੀਡਰ ਹਨ।
ਕੰਵਰ ਸੰਧੂ ਨੇ ਕਿਹਾ ਕਿ 12-13 ਵਿਧਾਇਕਾਂ ਨੇ ਬਠਿੰਡਾ ਕਨਵੈਨਸ਼ਨ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਪਰਵਾਸੀ ਭਾਰਤੀਆਂ ਦੀ ਵੀ ਵੱਡੀ ਹਮਾਇਤ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਸਾਰਿਆਂ ਨੂੰ ਕਨਵੈਨਸ਼ਨ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਵਿਰੋਧੀ ਧੜੇ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਇਨਸਾਫ ਪਾਰਟੀ ਦੀ ਨਹੀਂ ਆਮ ਆਦਮੀ ਪਾਰਟੀ ਦੀ ਕਨਵੈਨਸ਼ਨ ਹੈ।
ਕੰਵਰ ਸੰਧੂ ਨੇ ਕਿਹਾ ਕਿ ਪਾਰਟੀ ਦੇ ਵਰਕਰ ਨੂੰ ਸੇਧ ਦੇਣ ਲਈ ਬਠਿੰਡਾ ਕਨਵੈਨਸ਼ਨ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਪਾਰਟੀ ਇਕਾਈ ਦੀ ਖੁਦਮੁਖਤਾਰੀ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਈਕਮਾਨ ਨੂੰ ਪੰਜਾਬ ਦੇ ਲੀਡਰਾਂ ਨਾਲ ਸਲਾਹ ਕਰਨੀ ਚਾਹੀਦੀ ਹੈ।
ਸੰਧੂ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾਉਣ ਬਾਰੇ ਕਿਹਾ ਕਿ ਪੰਜਾਬ ਵਿਧਾਨ ਦੇ ਸਭਾ ਸਪੀਕਰ ਨੂੰ ਪਾਰਟੀ ਦੇ ਵਿਧਾਇਕਾਂ ਤੋਂ ਪਹਿਲਾਂ ਹੀ ਜਾਣਕਾਰੀ ਸੀ। ਪਾਰਟੀ ਦੇ ਵਿਧਾਇਕਾਂ ਨੂੰ ਬਾਅਦ ‘ਚ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਪਾਰਟੀ ਹਾਈਕਮਾਨ ਨੇ ਵਿਧਾਇਕਾਂ ਦੀ ਰਾਏ ਲੈਣੀ ਵੀ ਜ਼ਰੂਰੀ ਨਹੀਂ ਸਮਝੀ।
ਉਨ੍ਹਾਂ ਕਿਹਾ, "ਜੇਕਰ ਅਸੀਂ ਬਦਲ ਚਾਹੁੰਦੇ ਹਾਂ ਤਾਂ ਐਂਟੀ ਪਾਰਟੀ ਨਹੀਂ ਹਾਂ। ਵਿਰੋਧੀ ਧਿਰ ਦੇ ਲੀਡਰ ਦੀ ਚੋਣ ਦੌਰਾਨ ਸਾਰੇ ਵਿਧਾਇਕਾਂ ਨੂੰ ਪੁੱਛਿਆ ਜਾਂਦਾ ਸੀ, ਪਰ ਖਹਿਰਾ ਨੂੰ ਹਟਾਉਣ ਲਈ ਕਿਸੇ ਨੂੰ ਨਹੀਂ ਪੁੱਛਿਆ ਗਿਆ।"