ਅੰਮ੍ਰਿਤਸਰ: ਕਰਤਾਰਪੁਰ ਕੋਰੀਡੋਰ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਦੇ ਸਕੱਤਰ ਅਜੇ ਕੁਮਾਰ ਬਾਲਾ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਪਹੁੰਚਣਗੇ।


ਅਜੇ ਕੁਮਾਰ ਬਾਲਾ ਕਰਤਾਰਪੁਰ ਕੋਰੀਡੋਰ ਦੇ ਨਾਲ ਜੁੜੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਐੱਸ ਐੱਲ ਸੀ ਦਾਸ ਵੀ ਪਹੁੰਚ ਰਹੇ ਹਨ। ਦਾਸ ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੋਰੀਡੋਰ ਸਬੰਧੀ ਜਿੰਨੀਆਂ ਵੀ ਬੈਠਕਾਂ ਹੋਈਆਂ ਹਨ, ਉਨ੍ਹਾਂ ਦੇ ਵਫ਼ਦ ਦੇ ਭਾਰਤ ਵੱਲੋਂ ਮੁਖੀ ਰਹੇ ਹਨ।


ਸੋਮਵਾਰ ਨੂੰ ਗ੍ਰਹਿ ਸਕੱਤਰ ਦੇ ਦੌਰੇ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਟੀਮ ਵੀ ਪੁੱਜੇਗੀ ਜਿਨ੍ਹਾਂ ਵਿੱਚ ਪੰਜਾਬ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਮੁੱਖ ਸਕੱਤਰ ਸਤੀਸ਼ ਚੰਦਰ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ, ਪੰਜਾਬ ਦੇ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਮੌਜੂਦ ਰਹਿਣਗੇ।