ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮਾਣਹਾਨੀ ਦੇ ਕੇਸ ਸਬੰਧੀ ਅਦਾਲਤ ਵਿੱਚ ਪੇਸ਼ ਹੋਏ। ਕੇਜਰੀਵਾਲ ਖਿਲਾਫ ਇਹ ਕੇਸ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਅੱਜ ਅਦਾਲਤਾਂ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ 'ਤੇ ਪਾ ਦਿੱਤੀ ਹੈ।


ਕਾਬਲੇਗੌਰ ਹੈ ਕਿ ਮਜੀਠੀਏ ਦਾ ਨਾਂ ਨਸ਼ਾ ਤਸਕਰਾਂ ਨਾਲ ਜੋੜਨ ਕਰਕੇ ਉਨ੍ਹਾਂ ਕੇਜਰੀਵਾਲ, ਅਸ਼ੀਸ਼ ਖੇਤਾਨ ਤੇ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਕੇਜਰੀਵਾਲ ਅੱਜ ਅਦਾਲਤ ਵਿੱਚ ਪੇਸ਼ ਹੋਣ ਲਈ ਦਿੱਲੀ ਤੋਂ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਹਮਾਇਤੀ ਸਨ।

ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਦੀ ਤਕਰੀਬਨ ਦੋ ਘੰਟੇ ਬਹਿਸ ਹੋਈ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਕੇਜਰੀਵਾਲ ਦੇ ਵਕੀਲ ਸਿਰਫ ਅਖਬਾਰਾਂ ਦੀ ਦਲੀਲ ਦੇ ਕੇ ਕਿਹਾ ਹੈ ਕਿ ਉਨ੍ਹਾਂ ਦੇ ਮੁਵੱਕਲ ਨੇ ਇਨ੍ਹਾਂ ਦੇ ਅਧਾਰ 'ਤੇ ਹੀ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਦਲੀਲ ਅਦਾਲਤ ਵਿੱਚ ਕੋਈ ਮਾਇਨੇ ਨਹੀਂ ਰੱਖਦੀ।