ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਵੀ ਕਸੂਤਾ ਫਸਾ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਦੀ ਕਰਤਾਰਪੁਰ ਲਾਂਘੇ ਦੀ ਯਾਤਰਾ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ। ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਅਜਿਹੀ ਹੀ ਮੰਗ ਕਰਨ ਲੱਗੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।

ਅਰੋੜਾ ਨੇ ਦੱਸਿਆ ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਦਾ ਵਸਨੀਕ ਜਿਹੜਾ ਵੀ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦਾ ਹੈ, ਉਸ ਦੇ ਆਉਣ ਜਾਣ ਦਾ ਪੂਰਾ ਖਰਚ ਤੇ ਪਾਕਿਸਤਾਨ ਸਰਕਾਰ ਵੱਲੋਂ ਰੱਖੇ ਗਏ 20 ਡਾਲਰ ਫੀਸ ਵੀ ਕੇਜਰੀਵਾਲ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ।