ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਖੁੱਲ੍ਹ ਲਲਕਾਰਿਆ ਹੈ। ਉਨ੍ਹਾਂ ਕਿਹਾ ਹੈ ਕਿ 6 ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਨਸ਼ਾ ਤਸਕਰ ਦੇ 'ਸਰਦਾਰ' ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


 

 

ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਰਕਟ ਹਾਉਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਸਮਰਥੱਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੋਪੁਰ, ਸੰਸਦ ਭਗਵੰਤ ਮਾਨ ਤੇ ਹੋਰ ਉੱਘੇ ਆਗੂ ਮੌਜੂਦ ਸਨ।

 

 

ਇਸ ਦੌਰਾਨ ਆਪਣੇ ਤਿੱਖੇ ਭਾਸ਼ਨ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ, 'ਬਿਕਰਮ ਸਿੰਘ ਮਜੀਠੀਆ ਦੇ ਕੋਲ ਕੇਵਲ 6 ਮਹੀਨੇ ਰਹਿ ਗਏ ਹਨ। ਇਨ੍ਹਾਂ 6 ਮਹੀਨੀਆਂ ਵਿੱਚ ਜੇਕਰ ਮਜੀਠੀਆ ਸਾਨੂੰ ਗ੍ਰਿਫਤਾਰ ਕਰਨ ਦਾ ਦਮ ਰੱਖਦਾ ਹੈ ਤਾਂ ਗ੍ਰਿਫਤਾਰ ਕਰ ਲਵੇ, ਨਹੀਂ ਤਾਂ 6 ਮਹੀਨੇ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਸਰਕਾਰ ਬਣਦੇ ਹੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਸਾਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ।'

 

 

ਅਰਵਿੰਦ ਕੇਜਰੀਵਾਲ ਨੇ ਕਿਹਾ, 'ਆਪਣੇ ਕੁਸ਼ਾਸਨ ਦੌਰਾਨ ਬਾਦਲਾਂ ਤੇ ਮਜੀਠੀਏ ਨੇ ਘਰ-ਘਰ ਨਸ਼ਾ ਪਹੁੰਚਾ ਦਿੱਤਾ ਹੈ। ਨੌਜਵਾਨ ਵਰਗ ਨੂੰ ਬਰਬਾਦ ਕਰਨ ਲਈ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ। ਉਪਰੋਂ ਜੋ ਵੀ ਇਨ੍ਹਾਂ ਦੇ ਨਸ਼ੇ ਦੇ ਕਾਲੇ ਕਾਰੋਬਾਰ ਖਿਲਾਫ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰਦਾ ਹੈ, ਉਸ ਉੱਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ, ਡਰਾਇਆ ਜਾਂਦਾ ਹੈ। ਜੇਕਰ ਬਤੌਰ ਮੁੱਖ ਮੰਤਰੀ ਮੇਰੇ ਉੱਤੇ ਕੇਸ ਕਰ ਸਕਦੇ ਹਨ ਤਾਂ ਪੰਜਾਬ ਵਿੱਚ ਆਮ ਆਦਮੀ ਦਾ ਕੀ ਹਾਲ ਹੋਵੇਗਾ? ਪਰ ਪੰਜਾਬ ਭਰ ਵਿੱਚ ਮਜੀਠੀਆ ਨੂੰ ਡਰਗ ਤਸਕਰਾਂ ਦਾ ਸਰਦਾਰ ਦੱਸਣ ਵਾਲੇ ਹੋਰਡਿੰਗਸ, ਬੈਨਰ ਤੇ ਬੋਰਡਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਲੋਕ ਬਾਦਲਾਂ ਅਤੇ ਮਜੀਠੀਏ ਤੋਂ ਡਰਨ ਵਾਲੇ ਨਹੀਂ ਹਨ।'