ਅੰਮ੍ਰਿਤਸਰ: ਪੰਜਾਬ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਏਗਾ।

 

 

ਕੇਜਰੀਵਾਲ ਨੇ ਕਿਹਾ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਸਿੱਖਾਂ ਹੀ ਨਹੀਂ ਬਲਕਿ ਸਾਰੇ ਧਰਮਾਂ ਲਈ ਆਸਥਾ ਦਾ ਸਥਾਨ ਹੈ। ਇਸ ਲਈ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਏਗਾ। ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ ਵਿੱਚ ਸ਼ਰਾਬ, ਤੰਬਾਕੂ, ਮਾਸ 'ਤੇ ਪਾਬੰਦੀ ਲਾਈ ਜਾਏਗੀ।

 

 

ਕਾਬਲੇਗੌਰ ਹੈ ਕਿ ਸਿੱਖਾਂ ਵੱਲੋਂ ਲੰਮੇ ਸਮੇਂ ਤੋਂ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਪੰਥਕ ਕਹਾਉਣ ਬਾਦਲ ਸਰਕਾਰ ਵੀ ਇਹ ਮੰਗ ਨੂੰ ਪੂਰਾ ਨਹੀਂ ਕਰ ਸਕੀ। ਕੇਜਰੀਵਾਲ ਨੇ ਇਹ ਐਲਾਨ ਕਰਕੇ 'ਆਪ' 'ਤੇ ਲੱਗ ਰਹੇ ਸਿੱਖ ਵਿਰੋਧੀ ਹੋਣ ਦੇ ਇਲਜ਼ਾਮਾਂ ਨੂੰ ਲਗਾਮ ਲਾਉਣ ਦੀ ਕੋਸ਼ਿਸ਼ ਕੀਤੀ ਹੈ।

 

 

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਲੜਾਈ ਫੈਸਲਾਕੁਨ ਗੇੜ ਵਿੱਚ ਪਹੁੰਚ ਚੁੱਕੀ ਹੈ ਤੇ ਉਹ ਅਸ਼ੀਰਵਾਦ ਲੈਣ ਦਰਬਾਰ ਸਾਹਿਬ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਸੰਕਟ ਵਿੱਚੋਂ ਕੱਢਣ ਲਈ ਦਿਨ-ਰਾਤ ਇੱਕ ਕਰਨਗੇ।