ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾਉਣਗੇ। ਅੱਜ ਉਹ ਅੰਮ੍ਰਿਤਸਰ ਵਿੱਚ ਪਹੁੰਚ ਕੇ ਵੱਡੇ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ। ਇਨ੍ਹਾਂ ਵਿੱਚ ਬਰਗਾੜੀ ਮਾਮਲੇ ਦੀ ਜਾਂਚ ਕਰਨ ਵਾਲੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਨਾਂ ਦੀ ਸਭ ਤੋਂ ਵੱਧ ਚਰਚਾ ਹੈ।
ਇਸ ਦੇ ਨਾਲ ਹੀ ਮੀਡੀਆ ਦੇ ਇੱਕ ਹਿੱਸੇ ਵਿੱਚ ਇਹ ਵੀ ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਤੇ ਸਾਬਕਾ ਵਿਧਾਇਕ ਅਨਿਲ ਜੋਸ਼ੀ ਵੀ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ। ਉਂਜ ਇਸ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਹੋਈ।
ਸੂਤਰਾਂ ਮੁਤਾਬਕ ਕੇਜਰੀਵਾਲ ਦੁਪਹਿਰ ਲਗਪਗ 12 ਵਜੇ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜਣਗੇ। ਇੱਥੇ ਸਰਕਟ ਹਾਊਸ ’ਚ ਹੀ ਕੁਝ ਅਹਿਮ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋਣਗੀਆਂ। ਉਹ ਸਰਕਟ ਹਾਉਸ ਵਿਚ 1 ਵਜੇ ਕੁਝ ਖਾਸ ਮੁੱਦਿਆਂ ਨੂੰ ਲੈ ਕੇ ਮੀਡੀਆ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਹੋਣਗੇ।
ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਣ ਲਈ ਜਾਣਗੇ ਤੇ ਮਗਰੋਂ ਲੁਧਿਆਣਾ ਚਲੇ ਜਾਣਗੇ। ‘ਆਪ’ ਦੇ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਇਲਾਵਾ ਭਾਜਪਾ ਨਾਲ ਸਬੰਧਤ ਕੁਝ ਆਗੂ ਵੀ ਪਾਰਟੀ ਦਾ ‘ਝਾੜੂ’ ਫੜ ਸਕਦੇ ਹਨ। ਉਂਜ ‘ਆਪ’ ਆਗੂਆਂ ਨੇ ਚੁੱਪੀ ਧਾਰੀ ਹੋਈ ਹੈ ਤੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾ ਲਈ ਹੈ।
ਇਹ ਵੀ ਪੜ੍ਹੋ: ਗਰਮੀ ਤੋਂ ਅੱਕ ਪਹਾੜਾਂ ਵੱਲ ਨਿਕਲੇ ਲੋਕ, ਸੈਲਾਨੀਆਂ ਦੀ ਭੀੜ ਨੂੰ ਯਾਦ ਆ ਜਾਵੇਗਾ ਕੁੰਭ ਮੇਲਾ, ਟੁੱਟੇ ਸਾਰੇ ਰਿਕਾਰਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin