ਰੌਬਟ ਦੀ ਰਿਪੋਰਟ



ਚੰਡੀਗੜ੍ਹ: ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀਆਂ ਤੋਂ ਜਾਨ ਦਾ ਖਤਰਾ ਹੈ। ਪੰਜਾਬ ਪੁਲਿਸ ਨੇ ਇਸ ਆਧਾਰ 'ਤੇ ਦਿੱਲੀ ਪੁਲਿਸ ਨੂੰ ਪੱਤਰ ਲਿਖ ਕੇ CM ਕੇਜਰੀਵਾਲ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਹ ਕਹਿੰਦੇ ਹੋਏ ਮੰਗ ਨੂੰ ਠੁਕਰਾ ਦਿੱਤਾ ਹੈ ਕਿ ਕੇਜਰੀਵਾਲ ਨੂੰ ਪਹਿਲਾਂ ਹੀ ਉੱਚ ਪੱਧਰੀ Z+ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਦਿੱਲੀ ਪੁਲਿਸ ਨੇ ਆਪਣੇ ਬਿਆਨ 'ਚ ਕੀ ਕਿਹਾ?
ਦਿੱਲੀ ਪੁਲਿਸ ਨੇ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦਾ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੱਤਾ ਗਿਆ ਹੈ। ਪੱਤਰ ਵਿੱਚ ਖਾਲਿਸਤਾਨੀ ਹਮਲੇ ਦੀ ਧਮਕੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਲਈ ਵਾਧੂ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਗ੍ਰਹਿ ਮੰਤਰਾਲੇ ਨੂੰ ਪਹਿਲਾਂ ਹੀ ਪੂਰੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ।

ਇਸ ਵਿੱਚ ਗ੍ਰਹਿ ਮੰਤਰਾਲੇ ਨੇ ਸਹਿਮਤੀ ਜਤਾਈ ਹੈ ਕਿ ਦਿੱਲੀ ਪੁਲਿਸ ਕੇਜਰੀਵਾਲ ਨੂੰ Z+ ਸੁਰੱਖਿਆ ਪ੍ਰਦਾਨ ਕਰਦੀ ਰਹੇਗੀ। ਦਿੱਲੀ ਪੁਲਿਸ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਕੋਲ ਖਾਲਿਸਤਾਨੀ ਹਮਲੇ ਸਬੰਧੀ ਖੁਫੀਆ ਜਾਣਕਾਰੀ ਹੈ ਤਾਂ ਉਹ ਸਾਡੇ ਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕਰੇ। ਤਾਂ ਜੋ ਇਸ ਮਾਮਲੇ 'ਤੇ ਕਾਰਵਾਈ ਕਰਨ 'ਚ ਮਦਦ ਮਿਲ ਸਕੇ।

ਲੋੜ ਪੈਣ 'ਤੇ ਸੁਰੱਖਿਆ ਵਧਾ ਦਿੱਤੀ ਜਾਵੇਗੀ
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ। ਹਾਲਾਂਕਿ, ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਦਿੱਲੀ ਪੁਲਿਸ ਦੀ ਉੱਚ ਪੱਧਰੀ ਸੁਰੱਖਿਆ ਹੈ ਜਿਸ ਵਿੱਚ ਉਨ੍ਹਾਂ ਕੋਲ ਲੋੜੀਂਦੇ ਕਰਮਚਾਰੀਆਂ ਦੀ ਸੁਰੱਖਿਆ ਘੇਰਾਬੰਦੀ ਹੈ। ਹਰੇਕ ਵੀਆਈਪੀ ਦੀ ਸੁਰੱਖਿਆ ਖਤਰੇ ਦਾ ਨਿਯਮਿਤ ਤੌਰ 'ਤੇ ਮੁਲਾਂਕਣ ਕੀਤਾ ਜਾਂਦਾ ਹੈ। ਜੇਕਰ ਇਸ ਮੁਲਾਂਕਣ ਵਿੱਚ ਕੋਈ ਲੋੜ ਨਜ਼ਰ ਆਉਂਦੀ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਹੋਰ ਵੀ ਵਧਾ ਦਿੱਤੀ ਜਾਵੇਗੀ।

Z Plus ਸੁਰੱਖਿਆ ਕੀ
ਇੱਕੋ ਸਮੇਂ ਦੋ ਪੀਐਸਓ, ਘਰ ਦੇ ਹਰ ਪ੍ਰਵੇਸ਼ 'ਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਇੱਕ ਚੌਕੀਦਾਰ, ਇੱਕ ਸਕ੍ਰੀਨਿੰਗ ਕਰਮਚਾਰੀ ਅਤੇ ਅੱਗੇ ਅਤੇ ਪਿੱਛੇ ਦੋ ਵਾਹਨ। ਇਸ ਵਿੱਚ, ਇੱਕ ਵਾਹਨ ਨੂੰ ਪਾਇਲਟ ਵਜੋਂ ਵਰਤਿਆ ਜਾਂਦਾ ਹੈ, ਜਦੋਂਕਿ ਦੂਜੇ ਨੂੰ ਸਕਾਟ ਵਜੋਂ ਵਰਤਿਆ ਜਾਂਦਾ ਹੈ। ਦੋਵੇਂ ਵਾਹਨ ਆਮ ਤੌਰ 'ਤੇ ਦਿੱਲੀ ਪੁਲਿਸ ਦੀਆਂ ਜਿਪਸੀਆਂ ਜਾਂ ਕਈ ਵਾਰ ਅੰਬੈਸਡਰ ਜਾਂ ਇਨੋਵਾ ਗੱਡੀਆਂ ਲੈ ਕੇ ਜਾਂਦੇ ਹਨ।