ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬੀ ਨੇ ਦਿਲ ਮੋਹ ਲਏ ਹਨ। ਉਨ੍ਹਾਂ ਪੰਜਾਬ ਦੇ ਸਕੂਲਾਂ ਦੀ ਹਾਲਤ ਬਾਰੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਪੰਜਾਬੀ ਬੋਲ ਰਹੇ ਹਨ। ਹੁਣ ਉਨ੍ਹਾਂ ਦੀ ਵੀਡੀਓ ਨੂੰ ਲੈ ਕੇ ਸਕੂਲਾਂ ਨਾਲੋਂ ਕੇਜਰੀਵਾਲ ਦੀ ਪੰਜਾਬੀ ਬਾਰੇ ਵੱਧ ਚਰਚਾ ਹੋ ਰਹੀ ਹੈ। ਇਹ ਵੀਡੀਓ ਹੁਣ ਵਾਇਰਲ ਹੋ ਰਹੀ ਹੈ।







ਦਰਅਸਲ ਸਕੂਲੀ ਸਿੱਖਿਆ ਬਾਰੇ ਚੱਲ ਰਹੀ ਅੰਤਰਰਾਜੀ ਸਿਆਸੀ ਜੰਗ ਨੂੰ ਤੇਜ਼ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ‘ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ। ਸਕੂਲਾਂ ਵਿੱਚ ਪੜ੍ਹਾਈ ਬਿਲਕੁਲ ਨਹੀਂ ਹੋ ਰਹੀ, ਜਿਸ ਕਾਰਨ ਸੂਬੇ ਦੇ 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਹੈ।

ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ ਪਰ ਉਹ ਵੀ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’ ‘ਆਪ’ ਸੁਪਰੀਮੋ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਵੀ ਖਰਾਬ ਸੀ ਪਰ ‘ਆਪ’ ਨੇ ਮਿਹਨਤ ਕਰਕੇ ਦਿੱਲੀ ਦੇ ਬਦਹਾਲ ਸਕੂਲਾਂ ਦੀ ਹਾਲਤ ਸੁਧਾਰੀ ਹੈ।

ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਸਰਕਾਰੀ ਸਕੂਲ ਇੰਨੇ ਵਧੀਆ ਹੋ ਗਏ ਹਨ ਕਿ ਇਸ ਸਾਲ ਦਿੱਲੀ ਦੇ ਢਾਈ ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਇਨ੍ਹਾਂ ਸਿਆਸੀ ਪਾਰਟੀਆਂ ਨੇ ਜਾਣਬੁੱਝ ਕੇ ਸਰਕਾਰੀ ਸਕੂਲਾਂ ਦੀ ਦਸ਼ਾ ਵਿਗਾੜੀ ਹੈ ਤਾਂ ਕਿ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਦੇ ਬੱਚੇ ਪੜ੍ਹ ਨਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਾਸੀ ‘ਆਪ’ ਨੂੰ ਮੌਕਾ ਦੇਣ ਤਾਂ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੀ ਤਰਜ਼ ’ਤੇ ਸ਼ਾਨਦਾਰ ਬਣਾਇਆ ਜਾਵੇਗਾ।