ਚੰਡੀਗੜ੍ਹ: ਪੰਜਾਬ ਦੇ ਡੀਜੀਪੀਜ਼ ਦੀ ਲੜਾਈ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਟੀਮ ਤੇ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੇ ਸਵਾਲ ਚੁੱਕਿਆ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਅਕਾਲੀ ਲੀਡਰ ਬਿਕਰਮ ਮਜੀਠੀਆ ਤੇ ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਖਿਲਾਫ ਕੋਈ ਕਦਮ ਚੁੱਕਣ ਦੀ ਜਗ੍ਹਾ ਉਨ੍ਹਾਂ ਨੂੰ ਕਲੀਨ ਚਿੱਟ ਕਿਉਂ ਦੇ ਰਹੇ ਹਨ।
ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਪੁੱਛਿਆ ਕਿ ਉਨ੍ਹਾਂ ਦੀ ਕੀ ਮਜਬੂਰੀ ਹੈ ਕਿ ਉਹ ਕੋਈ ਸਖ਼ਤ ਕਦਮ ਕਿਉਂ ਨਹੀਂ ਚੁੱਕ ਰਹੇ। ਇਸ ਦੇ ਨਾਲ ਸੁਖਪਾਲ ਖਹਿਰਾ ਨੇ ਅਕਾਲੀ ਦਲ ਦੀ ਚੁੱਪੀ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇਸ ਮੁੱਦੇ 'ਤੇ ਕਿਉਂ ਚੁੱਪ ਹੈ? ਕੀ ਪੰਜਾਬ ਪੁਲਿਸ ਦਾ ਡੀਜੀਪੀ ਸੁਰੇਸ਼ ਅਰੋੜਾ ਅਕਾਲੀ ਦਲ ਤੇ ਕਾਂਗਰਸ ਦਾ ਸਾਂਝਾ ਡੀਜੀਪੀ ਹੈ।"
ਖਹਿਰਾ ਨੇ ਕਿਹਾ ਕਿ ਨਸ਼ੇ ਦਾ ਇਹ ਮੁੱਦਾ ਪੰਜਾਬ ਦਾ ਸਭ ਤੋਂ ਗੰਭੀਰ ਮੁੱਦਾ ਹੈ। ਖਹਿਰਾ ਨੇ ਮੰਗ ਕੀਤੀ ਕਿ ਬਿਕਰਮ ਮਜੀਠੀਆ ਤੇ ਸੁਰੇਸ਼ ਅਰੋੜਾ ਮਾਮਲੇ 'ਚ ਹਾਈਕੋਰਟ ਦੀ ਨਿਗਰਾਨੀ 'ਚ ਸੀਬੀਆਈ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਸੱਚ ਸਾਹਮਣੇ ਆਵੇ।