kheda watan punjab diya 2022 : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਵੀਰਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਮਾਪਤੀ ਸਮਾਗਮ ਹੋਇਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਵਾਗਤੀ ਸ਼ਬਦ ਕਹੇ। ਇਸ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ।
ਦੱਸ ਦਈਏ ਕਿ ਇਹ ਖੇਡਾਂ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਸ਼ੁਰੂ ਹੋਈਆਂ ਸਨ। ਇਹ ਖੇਡਾਂ ਕਰੀਬ ਤਿੰਨ ਮਹੀਨੇ ਚੱਲੀਆਂ ਤੇ 28 ਖੇਡ ਵੰਨਗੀਆਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਸੂਬਾ ਪੱਧਰ ’ਤੇ ਸੋਨੇ, ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਪਾਈ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੋਨ ਤਗਮਾ ਜਿੱਤਣ ਵਾਲੇ ਦੇ ਖਾਤੇ ’ਚ 10 ਹਜ਼ਾਰ, ਚਾਂਦੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਸੱਤ ਹਜ਼ਾਰ ਜਦਕਿ ਕਾਂਸੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਪੰਜਾਹ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਅਤੇ ਐਸਏਐਸ ਨਗਰ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਦੇ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਇਸ ਮੌਕੇ ਕੁਲਵਿੰਦਰ ਬਿੱਲਾ, ਪਰੀ ਪੰਧੇਰ ਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ। ਖੇਡਾਂ ਦੇ ਸਮਾਪਤੀ ਮੌਕੇ ਗਿੱਧੇ ਤੇ ਭੰਗੜੀ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਰਹੀ।
ਇਸ ਮੌਕੇ ਸੀਐਮ ਮਾਨ ਨੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਉਸਾਰਨ ਦਾ ਭਰੋਸਾ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਕਈ ਸਾਲ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪੜ੍ਹਾਈ, ਖੇਡਾਂ ਤੇ ਸੱਭਿਆਚਾਰ ਦੇ ਖੇਤਰ ਵਿੱਚ ਹੋਰ ਅੱਗੇ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।