Fazilka News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਸ਼ਨ ਤਹਿਤ ਅੱਜ ਫਾਜਿਲਕਾ ਤੋਂ ਅਬੋਹਰ ਅਤੇ ਫਾਜਿਲਕਾ ਤੋਂ ਫਿਰੋਜ਼ਪੁਰ ਜਾਣ ਵਾਲੀ ਟਰੇਨ ਨੂੰ ਰੋਕ ਦਿੱਤਾ ਗਿਆ ਹੈ। ਇਸ ਦੌਰਾਨ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ਦੇ ਐਲਾਨ ਤਹਿਤ ਕਿਸਾਨਾਂ ਨੇ ਫਾਜ਼ਿਲਕਾ ਅਬੋਹਰ ਜਾਣ ਵਾਲੀ ਟ੍ਰੇਨ ਦੇ ਅੱਗੇ ਧਰਨਾ ਲਾ ਦਿੱਤਾ ਤੇ ਦਰੀ ਵਿਛਾ ਕੇ ਬੈਠ ਗਏ ਹਨ। ਕਿਸਾਨਾਂ ਦਾ ਕਹਿਣਾ ਕਿ ਉਨ੍ਹੀ ਦੇਰ ਤੱਕ ਰੇਲਗੱਡੀ ਨਹੀਂ ਜਾਵੇਗੀ ,ਜਿੰਨੀ ਦੇਰ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਖਤਮ ਨਹੀਂ ਹੋ ਜਾਂਦਾ।
ਓਧਰ ਰੇਲ ਚੱਕਾ ਜਾਮ ਹੋਣ ਤੋਂ ਬਾਅਦ ਟ੍ਰੇਨ 'ਚ ਸਵਾਰ ਹੋਏ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਮਣਾ ਕਰਨਾ ਪਿਆ ਹੈ। ਇਕ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ। ਦੂਜੇ ਪਾਸੇ ਯਾਤਰੀ ਖੱਜਲ ਖੁਆਰ ਹੋਏ ਹਨ। ਕੁਝ ਲੋਕ ਗੱਡੀ ਵਿਚੋਂ ਉੱਤਰ ਵਾਪਸ ਪਰਤ ਗਏ, ਜਦਕਿ ਕੁਝ ਰੇਲਗੱਡੀ ਵਿਚ ਬੈਠੇ ਰਹੇ ਰਾਹਗੀਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਜੇਕਰ ਰੇਲ ਗੱਡੀ ਜਾਣੀ ਹੀ ਨਹੀਂ ਸੀ ਤਾਂ ਸਵਾਰੀਆਂ ਨੂੰ ਟਿਕਟਾਂ ਕਿਉਂ ਮੁਹਈਆ ਕਰਵਾਈਆਂ ਗਈਆਂ।
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੂਬਾ ਤੇ ਕੇਂਦਰ ਸਰਕਾਰ ਕੋਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਅੰਦੋਲਨ ਵਿੱਚ ਵੀ ਅਜੇ ਤੱਕ ਸਹਿਮਤੀ ਵਾਲੀਆਂ ਗੱਲਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।
ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ
ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਹਮਲਾ ਕਰਨ ਵਾਲੇ ਅਮਨ ਤੇ ਪ੍ਰਦੀਪ ਖਿਲਾਫ਼ ਕਾਰਵਾਈ। ਲਿਖਤੀ ਭਰੋਸੇ ਦੇ ਬਾਵਜੂਦ ਐਮਐਸਪੀ ਗਰੰਟੀ ਕਾਨੂੰਨ ਨਹੀਂ ਬਣਾਇਆ ਗਿਆ। ਦਿੱਲੀ ਮੋਰਚੇ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਨਹੀਂ ਲਏ ਗਏ। ਲਖੀਮਪੁਰ ਕਤਲ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣੀ ਚਾਹੀਦੀ ਹੈ। ਬਿਜਲੀ ਵੰਡ ਐਕਟ ਨੂੰ ਰੱਦ ਕੀਤਾ ਜਾਵੇ ਅਤੇ ਬਿਜਲੀ ਖੋਜ ਬਿੱਲ 2020 ਦੀ ਕਾਰਵਾਈ ਨੂੰ ਖਤਮ ਕੀਤਾ ਜਾਵੇ। ਭਾਰਤ ਸਰਕਾਰ ਦੁਆਰਾ ਵਿਸ਼ਵ ਵਪਾਰ ਸੰਗਠਨ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣੇ ਚਾਹੀਦੇ ਹਨ।
ਸੂਬਾ ਸਰਕਾਰ ਨਾਲ ਸਬੰਧਤ ਮੰਗਾਂ
ਬਿਨਾਂ ਮੁਆਵਜ਼ੇ ਦੇ ਸੜਕੀ ਪ੍ਰਾਜੈਕਟਾਂ ਲਈ ਜ਼ਮੀਨਾਂ ਐਕੁਆਇਰ ਕੀਤੀਆਂ ਗਈਆਂ। ਇਸ ਲਈ ਆ ਰਹੀਆਂ ਮੁਸ਼ਕਲਾਂ ਨੂੰ ਜਲਦੀ ਹੱਲ ਕੀਤਾ ਜਾਵੇ। ਗੰਨੇ ਦੀ ਕੀਮਤ 380 ਰੁਪਏ ਤੋਂ ਵਧਾ ਕੇ 500 ਰੁਪਏ ਕੀਤੀ ਜਾਵੇ। ਪ੍ਰਦੂਸ਼ਣ ਰੋਕਥਾਮ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।