Ludhiana News: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਸਰਕਾਰ ਖਿਲਾਫ ਡਟਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਖੰਡ ਮਿਲਾਂ ਬਾਹਰ ਧਰਨੇ ਲਾਉਣ ਦੀ ਰਣਨੀਤੀ ਉਲੀਕੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਤੁਰੰਤ ਨਾ ਹੋਈ ਤਾਂ ਖੰਡ ਮਿੱਲਾਂ ਮੂਹਰੇ ਧਰਨੇ ਦਿੱਤੇ ਜਾਣਗੇ। 


ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਮੁੱਖ ਮੰਤਰੀ ਤੇ ਖੇਤੀਬਾੜੀ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਸ ਵਾਰ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਵਿੱਚ ਕੋਈ ਦੇਰੀ ਨਹੀਂ ਹੋਵੇਗੀ ਤੇ ਇਹ ਰਕਮ ਕਿਸਾਨਾਂ ਨੂੰ 14 ਦਿਨਾਂ ਦੇ ਅੰਦਰ-ਅੰਦਰ ਦੇ ਦਿੱਤੀ ਜਾਵੇਗੀ ਪਰ ਸਾਰੀਆਂ ਸਹਿਕਾਰੀ ਮਿੱਲਾਂ ਦੀ ਅਦਾਇਗੀ ਮਹੀਨੇ ਤੋਂ ਉੱਪਰ ਸਮੇਂ ਦੀ ਚੱਲ ਰਹੀ ਹੈ ਤੇ ਇਹ ਵੀ ਮਿੱਲਾਂ ਵੱਲੋਂ ਕਿਸ਼ਤਾਂ ਵਿੱਚ ਕੀਤੀ ਜਾ ਰਹੀ ਹੈ। 


ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਬਾਰੇ ਇੱਕ ਵੱਖਰਾ ਫੰਡ ਕਾਇਮ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ ਪਰ ਇਹ ਸਾਰੇ ਐਲਾਨ ਹਵਾ ਵਿੱਚ ਹੀ ਸਨ। ਲੱਖੋਵਾਲ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਖੁਦ ਉਨ੍ਹਾਂ ਨਾਲ ਨਿੱਜੀ ਮਿੱਲਾਂ ਮੂਹਰੇ ਧਰਨੇ ਲਗਾਉਂਦੇ ਸਨ ਤੇ ਭਰੋਸਾ ਦਿਵਾਉਂਦੇ ਸਨ ਕਿ ਸਾਡੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਨਕਦ ਅਦਾਇਗੀ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਦੀ ਸਰਕਾਰ ਬਣਨ ’ਤੇ ਵੀ ਪਿਛਲੀਆਂ ਸਰਕਾਰਾਂ ਵਾਂਗ ਅਦਾਇਗੀ ਲੇਟ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਮਿੱਲਾਂ ਵਾਲੇ ਕਿਸਾਨਾਂ ਨੂੰ 50 ਰੁਪਏ ਕੁਇੰਟਲ ਦੀ ਘੱਟ ਅਦਾਇਗੀ ਕਰ ਰਹੇ ਹਨ ਅਤੇ ਸਰਕਾਰ ਤੋਂ ਇਹ ਰਕਮ ਮਿਲਣ ’ਤੇ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Ludhiana News: ਕੇਂਦਰ ਸਰਕਾਰ ਲੁਧਿਆਣਾ ਦੇ ਸਾਈਕਲ ਉਦਯੋਗ 'ਤੇ ਹੋਈ ਮਿਹਰਬਾਨ, ਵੱਡੀ ਰਾਹਤ ਦਾ ਐਲਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।