ਪੜਚੋਲ ਕਰੋ
ਵਿਜੀਲੈਂਸ ਦੀ ਢਿੱਲਮੱਠ ਕਰਕੇ ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਨੂੰ ਰਾਹਤ

ਮੁਹਾਲੀ: ਵਿਜੀਲੈਂਸ ਦੀ ਢਿੱਲੀ ਕਾਰਵਾਈ ਕਰਕੇ ਬਾਦਲ ਪਰਿਵਾਰ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਅਦਾਲਤ ਤੋਂ ਰਹਾਤ ਮਿਲ ਗਈ ਹੈ। ਮੁਹਾਲੀ ਅਦਾਲਤ ਨੇ ਸ਼ਨੀਵਾਰ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਕੋਲਿਆਂਵਾਲੀ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ ਦੋ ਮਹੀਨੇ ਤੋਂ ਨਿਆਂਇਕ ਹਿਰਾਸਤ ਅਧੀਨ ਨਵੀਂ ਜੇਲ੍ਹ ਨਾਭਾ ਵਿੱਚ ਬੰਦ ਹਨ। ਜਥੇਦਾਰ ਕੋਲਿਆਂਵਾਲੀ ਨੇ ਵਕੀਲਾਂ ਰਾਹੀਂ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਰਜ਼ੀ ’ਤੇ ਸੁਣਵਾਈ ਦੌਰਾਨ ਜੱਜ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਕੋਲਿਆਂਵਾਲੀ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦਿਲਚਸਪ ਗੱਲ਼ ਹੈ ਕਿ ਵਿਜੀਲੈਂਸ ਦੀ ਜਾਂਚ ਟੀਮ ਹੁਣ ਤੱਕ ਅਦਾਲਤ ਵਿੱਚ ਕੋਲਿਆਂਵਾਲੀ ਖ਼ਿਲਾਫ਼ ਚਲਾਨ ਪੇਸ਼ ਨਹੀਂ ਕਰ ਸਕੀ। ਇਸ ਕਾਰਨ ਜਥੇਦਾਰ ਜ਼ਮਾਨਤ ਲੈਣ ਵਿੱਚ ਸਫਲ ਹੋ ਗਏ। ਅਦਾਲਤੀ ਸੂਤਰਾਂ ਦਾ ਕਹਿਣਾ ਹੈ ਕਿ ਕਈ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਦਰਜ ਕਈ ਕੇਸਾਂ ਵਿੱਚ 60 ਦਿਨਾਂ ਤੇ ਕਈ ਕੇਸਾਂ ਵਿੱਚ 90 ਦਿਨਾਂ ਵਿੱਚ ਚਲਾਨ ਪੇਸ਼ ਕਰਨਾ ਹੁੰਦਾ ਹੈ। ਜਥੇਦਾਰ ਖ਼ਿਲਾਫ਼ ਦੋਸ਼ਾਂ ਸਬੰਧੀ 60 ਦਿਨਾਂ ਵਿੱਚ ਚਲਾਨ ਪੇਸ਼ ਕਰਨਾ ਬਣਦਾ ਸੀ ਪਰ ਵਿਜੀਲੈਂਸ ਚਲਾਨ ਪੇਸ਼ ਕਰਨ ਤੋਂ ਫਾਡੀ ਰਹਿ ਗਈ। ਇਸ ਸਬੰਧੀ ਵਿਜੀਲੈਂਸ ਦੇ ਐੱਸਐੱਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਖ਼ਿਲਾਫ਼ ਚਲਾਨ ਪੇਸ਼ ਕਰਨ ਨੂੰ ਹਾਲੇ ਸਮਾਂ ਬਾਕੀ ਹੈ ਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ 90 ਦਿਨਾਂ ਦੇ ਅੰਦਰ ਅੰਦਰ ਚਲਾਨ ਪੇਸ਼ ਕਰ ਦਿੱਤਾ ਜਾਵੇਗਾ। ਯਾਦ ਰਹੇ ਕੋਲਿਆਂਵਾਲੀ ਵਿਰੁੱਧ ਬੀਤੀ ਪਹਿਲੀ ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਤੇ ਕੋਲਿਆਂਵਾਲੀ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ, ਜੋ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















