Kotkapura Firing Case : ਕੋਟਕਪੂਰਾ ਗੋਲੀਕਾਂਡ ਮਾਮਲੇ (Kotakpura Golikand case) ਦੀ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਐੱਸਆਈਟੀ ਨੇ ਮੁੜ ਸੰਮਨ ਭੇਜੇ ਹਨ। ਐੱਸਆਈਟੀ ਨੇ ਉਨ੍ਹਾਂ ਨੂੰ 12 ਦਸੰਬਰ ਯਾਨੀ  ਅੱਜ 11 ਵਜੇ ਤਲਬ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ। 

 

ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਪਹਿਲਾਂ ਵੀ ਦੋ ਵਾਰ ਸੰਮਨ ਭੇਜੇ ਸਨ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ ਸਨ।


ਇਸ ਜਾਂਚ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਉਤੇ ਬਦਲਾਖੋਰੀ ਕਰਨ ਦਾ ਇਲਜ਼ਾਮ ਲਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਸਿਆਸਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਭਾਵੇਂ ਜਿੰਨੀ ਮਰਜ਼ੀ ਵਾਰ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਜਾਂਚ ਲਈ ਬੁਲਾਏਗੀ ,ਉਹ ਹਾਜ਼ਰ ਹੋ ਜਾਣਗੇ।

 

ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਖਿਲਾਰੇ ਗਏ ਸੀ ,ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।