Kotkapura police firing case: 7 ਸਾਲ ਬਾਅਦ ਵੀ ਜਾਂਚ 'ਤੇ ਜਾਂਚ! ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਲਈ ਘਟਨਾ ਵਾਲੀ ਥਾਂ 'ਤੇ ਪੁੱਜੀ ਐਸਆਈਟੀ
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਅੱਜ ਕੋਟਕਪੂਰਾ ਪੁੱਜ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਤੱਥਾਂ ਦੀ ਜਾਣਕਾਰੀ ਹਾਸਲ ਕੀਤੀ।
Kotkapura police firing case: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਅੱਜ ਕੋਟਕਪੂਰਾ ਪੁੱਜ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਤੱਥਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਟੀਮ ਦੀ ਅਗਵਾਈ ਐਸਆਈਟੀ ਦੇ ਮੈਂਬਰ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਕਰ ਰਹੇ ਸਨ।
ਹਾਸਲ ਜਾਣਕਾਰੀ ਅਨੁਸਾਰ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਨੂੰ ਭਾਵੇਂ ਸੱਤ ਸਾਲ ਪੂਰੇ ਹੋਣ ਵਾਲੇ ਹੈ ਪਰ ਪੁਲਿਸ ਦੀ ਜਾਂਚ ਅਜੇ ਵੀ ਚਲ ਰਹੀ ਹੈ। ਇਸ ਘਟਨਾ ਦੀ ਪੜਤਾਲ ਪਹਿਲਾਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕਰਕੇ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਸੀ ਪਰ ਪਿਛਲੇ ਸਾਲ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪੜਤਾਲ ਰਿਪੋਰਟ ਨੂੰ ਰੱਦ ਕਰਕੇ ਸਰਕਾਰ ਨੂੰ ਨਵੀਂ ਐਸਆਈਟੀ ਬਣਾਉਣ ਦੇ ਹੁਕਮ ਦਿੱਤੇ ਸਨ।
ਇਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਿਚ ਬਣੀ ਨਵੀਂ ਐਸਆਈਟੀ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਇਸ ਐਸਆਈਟੀ ਦੇ ਮੈਂਬਰ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਅੱਜ ਅਪਣੀ ਟੀਮ ਨੂੰ ਨਾਲ ਲੈ ਕੇ ਕੋਟਕਪੂਰਾ ਪੁੱਜੇ ਤੇ ਗੋਲੀਕਾਂਡ ਵਾਲੀ ਥਾਂ ਮੁੱਖ ਚੌਕ ਦਾ ਜਾਇਜ਼ਾ ਲਿਆ। ਇਸ ਮੌਕੇ ਤੇ ਉਨ੍ਹਾਂ ਨਾਲ ਚੰਡੀਗੜ੍ਹ ਤੋਂ ਫੋਰੈਂਸਿਕ ਟੀਮ ਵੀ ਹਾਜਰ ਰਹੀ ਜਿਸ ਵੱਲੋਂ ਘਟਨਾ ਵਾਲੀ ਥਾਂ ਦੀ ਮਿਣਤੀ ਕੀਤੀ ਗਈ ਤੇ ਹੋਰ ਤੱਥ ਜੁਟਾਏ ਗਏ।
ਇਸ ਮੌਕੇ ਐਸਆਈਟੀ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਪਰ ਮੰਨਿਆ ਜਾ ਰਿਹਾ ਹੈ ਕਿ ਐਸਆਈਟੀ ਵੱਲੋਂ ਇਸ ਕੇਸ ਵਿੱਚ ਜਲਦ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਸਕਦਾ ਹੈ ਤੇ ਟੀਮ ਨੇ ਚਲਾਨ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ ਤੇ ਅੰਤਿਮ ਰੂਪਰੇਖਾ ਤਹਿਤ ਹੀ ਟੀਮ ਨੇ ਘਟਨਾ ਵਾਲੀ ਥਾਂ ਦਾ ਮੁੜ ਤੋਂ ਜਾਇਜਾ ਲਿਆ ਹੈ।
ਇਸ ਮੌਕੇ ਤੇ ਘਟਨਾ ਦੇ ਗਵਾਹ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਨੇ ਟੀਮ ਨੂੰ ਘਟਨਾ ਵਾਲੇ ਦਿਨ ਵਾਪਰੇ ਦੁਖਾਂਤ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।