ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਆਹਮੋ-ਸਾਹਮਣੇ ਹਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਸਣੇ ਵਿਰੋਧੀ ਧਿਰਾਂ ਸਦਨ ਵਿੱਚ ਮੱਦਿਆਂ ਉੱਪਰ ਬਹਿਸ ਤੋਂ ਭੱਜ ਰਹੀਆਂ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਅਸਲ ਵਿੱਚ ਬੀਜੇਪੀ ਚਾਹੁੰਦੀ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਸੈਸ਼ਨ ਨਾ ਹੋਵੇ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਕਾਂਗਰਸ ਬੀਜੇਪੀ ਤੇ ਅਮਿਤ ਸ਼ਾਹ ਦੇ ਕਹਿਣ 'ਤੇ ਸੈਸ਼ਨ ਦਾ ਮਹੌਲ ਖ਼ਰਾਬ ਕਰ ਰਹੀ ਹੈ। 






ਦੱਸ ਦਈਏ ਕਿ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਦੀ ‘ਵਾਇਰਲ ਆਡੀਓ’ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੋਣ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਫਰ ਕਾਲ ਦਾ ਐਲਾਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਦਾ ਮੌਕਾ ਦਿੱਤਾ ਤਾਂ ਉਨ੍ਹਾਂ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਕੇਸ ਦਰਜ ਕਰਨ ਦੀ ਮੰਗ ਕੀਤੀ। 


 


ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਸਰਕਾਰ ਤੇ ਖਾਸ ਕਰ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਮੰਗ ਕੀਤੀ ਤਾਂ ਸਪੀਕਰ ਨੇ ਸਪੱਸ਼ਟ ਕੀਤਾ ਕਿ ਸਿਫਰ ਕਾਲ ਦੌਰਾਨ ਉਠੇ ਕਿਸੇ ਵੀ ਮੁੱਦੇ ’ਤੇ ਸਪੀਕਰ ਸਰਕਾਰ ਨੂੰ ਜਵਾਬ ਦੇਣ ਲਈ ਪਾਬੰਦ ਨਹੀਂ ਕਰ ਸਕਦਾ। ਮੁੱਖ ਮੰਤਰੀ ਦੇ ਬਿਆਨ ’ਤੇ ਅੜੀ ਵਿਰੋਧੀ ਧਿਰ ਨੇ ਜਦੋਂ ਸਦਨ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤਾਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰਨੀ ਪਈ। ਇਸ ਤੋਂ ਬਾਅਦ ਵੀ ਵਿਰੋਧੀ ਧਿਰ ਨੇ ਸਦਨ ਦੀ ਕਾਰਵਾਈ ਖ਼ਤਮ ਹੋਣ ਤੱਕ ਹੰਗਾਮਾ ਜਾਰੀ ਰੱਖਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।