Punjab News: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਉੱਘੇ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਅਤੇ ਡਾ. ਬੀ ਐਸ ਗਿੱਲ ਨੇ ਖਾਸ ਤੌਰ 'ਤੇ ਸ਼ਿਰਕਤ ਕੀਤੀ। ਡਾ. ਖੁਸ਼ ਦਾ ਚੌਲਾਂ ਦੀਆਂ ਕਿਸਮਾਂ ਵਿਕਸਿਤ ਕਰਨ ਅਤੇ ਡਾ. ਗਿੱਲ ਦਾ ਕਣਕ ਦੀਆਂ ਕਿਸਮਾਂ ਵਿਕਸਿਤ ਕਰਨ ਵਿੱਚ ਵਡਮੁੱਲਾ ਤਜ਼ਰਬਾ ਹੈ ਅਤੇ ਵਿਸ਼ਵ ਪੱਧਰ 'ਤੇ ਦੋਵਾਂ ਵਿਗਿਆਨੀਆਂ ਦਾ ਵਿਸ਼ੇਸ਼ ਨਾਂ ਹੈ।



ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ ‘ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਖਾਸ ਤੌਰ ‘ਤੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ‘ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਨ ‘ਤੇ ਉਹ ਪ੍ਰਣ ਕਰਦੇ ਹਨ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੋਹਰਾਈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਸਾਡੇ ਬੱਚਿਆਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਨਵੀਂ ਖੇਤੀ ਨੀਤੀ ਸਬੰਧੀ 31 ਮਾਰਚ ਤੱਕ ਸੁਝਾਅ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਵੱਟਸਐਪ ਨੰਬਰ 75080-18998 ਜਾਂ ਫੋਨ ਨੰਬਰ 0172-2969340 ਜਾਂ ਈਮੇਲ farmercomm@punjabmail.gov.in ‘ਤੇ ਆਪਣੇ ਸੁਝਾਅ ਭੇਜ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਏਅਰਪੋਰਟ ਰੋਡ, ਮੋਹਾਲੀ ਦੇ ਪਤੇ ‘ਤੇ ਚਿੱਠੀ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੀ ਕਿਰਸਾਨੀ ਲਈ ਚੰਗੀਆਂ, ਠੋਸ ਅਤੇ ਸਾਰਥਕ ਨੀਤੀਆਂ ਲੈ ਕੇ ਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਧਾਲੀਵਾਲ ਨੇ ਉਮੀਦ ਜਤਾਈ ਕਿ ਪੰਜਾਬ ਵਾਸੀਆਂ ਨੂੰ ਇਸ ਸਾਲ ਜੂਨ ਦੇ ਅੰਤ ਨਵੀਂ ਖੇਤੀਬਾੜੀ ਨੀਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਲੋਕਾਂ ਦੇ ਸੁਝਾਵਾਂ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇਗੀ।

ਧਾਲੀਵਾਲ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਹੁਣ ਸਾਫ਼ ਨੀਤੀ ਤੇ ਨੀਅਤ ਨਾਲ ਬਦਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਇਕ ਧੰਦਾ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ। ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ ‘ਚ ਰੱਖ ਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਮਾਹਿਰਾਂ, ਖੇਤੀ ਵਿਗਿਆਨੀਆਂ ਅਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ।