ਚੰਡੀਗੜ੍ਹ: ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ 72 ਕਰੋੜ ਰੁਪਏ (ਪਿਛਲੇ ਤਿੰਨ ਸਾਲਾਂ ਤੋਂ) ਵਿੱਚੋਂ 22 ਕਰੋੜ ਰੁਪਏ ਦੀ ਅਦਾਇਗੀ ਹਰਿਆਣਾ ਦੇ ਭੂਨਾ ਸਥਿਤ ਮਿੱਲ ਦੀ ਜਾਇਦਾਦ ਵੇਚ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ।



ਇੱਥੇ ਪੰਜਾਬ ਭਵਨ ਵਿੱਚ ਖੇਤੀ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਤੇ ਸੰਧਰ ਸ਼ੂਗਰ ਮਿੱਲ ਫਗਵਾੜਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਮਿੱਲ ਦਾ ਆਡਿਟ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਪ੍ਰਬੰਧਕਾਂ ਨੂੰ 50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇ ਨਹੀਂ ਤਾਂ ਇਸ ਸਾਲ ਨਵੰਬਰ ਤੱਕ ਮਿੱਲ ਦੇ ਕੰਮਕਾਜ ਨੂੰ ਬੰਦ ਕਰਨਾ ਪਵੇਗਾ।


ਐਮਐਸਪੀ ਬਾਰੇ ਬਣੀ ਕਮੇਟੀ 'ਚ ਸ਼ਾਮਲ ਲੋਕ ਜਾਂ ਤਾਂ ਸਿੱਧੇ ਤੌਰ ’ਤੇ ਭਾਜਪਾ, ਆਰਐਸਐਸ ਨਾਲ ਜੁੜੇ ਜਾਂ ਫਿਰ ਉਨ੍ਹਾਂ ਦੀ ਨੀਤੀ ਦੇ ਸਮਰਥਕ : ਯੋਗੇਂਦਰ ਯਾਦਵ

ਉਧਰ, ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਫ਼ਰਕ ਸਾਫ਼ ਨਜ਼ਰ ਆਉਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਬੇਲੋੜੀ ਗਰਮੀ ਪੈਣ ਕਾਰਨ ਪੰਜਾਬ ਵਿੱਚ ਘਟੇ ਕਣਕ ਦੇ ਝਾੜ ਲਈ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੇ ਐਲਾਨ ’ਤੇ ਸਰਕਾਰ ਨੇ ਹੁਣ ਚੁੱਪ ਧਾਰ ਲਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਖੇਤੀਬਾੜੀ ਵਿਭਾਗ ਦੀ ਸੁਸਤੀ ਕਾਰਨ ਦੁਕਾਨਦਾਰਾਂ ਵੱਲੋਂ ਕਿਸਾਨਾਂ ਨੂੰ ਨਰਮੇ ਤੇ ਮੂੰਗੀ ਦਾ ਗੈਰ-ਮਿਆਰੀ ਬੀਜ ਦਿੱਤਾ ਗਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਘਾਟਾ ਪਿਆ ਹੈ। ਡੱਲੇਵਾਲ ਨੇ ਕਿਹਾ ਕਿ 22 ਜੁਲਾਈ ਨੂੰ ਭਾਕਿਯੂ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ਉੱਤੇ ਧਰਨੇ ਦਿੱਤੇ ਜਾਣਗੇ ਤੇ ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਦੇ ਘਰ ਘੇਰਿਆ ਜਾਵੇਗਾ।