ਚੰਡੀਗੜ੍ਹ : ਪੰਜਾਬ ਭਾਜਪਾ 'ਚ ਸ਼ਾਮਿਲ ਹੋ ਰਹੇ ਕਾਂਗਰਸੀ ਆਗੂਆਂ ਨੂੰ ਲੈ ਕੇ ਕਾਂਗਰਸ ਦੇ ਬੁਲਾਰੇ ਕੁਲਦੀਪ ਵੈਦ ਨੇ ਕਿਹਾ ਕਿ ਪਾਰਟੀ ਨੂੰ ਕਿਸੇ ਦੇ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਲੀਡਰਾਂ ਨੂੰ ਪਾਰਟੀ ਦੇ ਨਾਲ ਖੜ੍ਹਨ ਦੀ ਲੋੜ ਸੀ ਪਰ ਇਹ ਪਾਰਟੀ ਛੱਡ ਕੇ ਜਾ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਨੇ ਵੱਡੇ ਵੱਡੇ ਅਹੁਦੇ ਦਿੱਤੇ ਸਨ।
ਉਨ੍ਹਾਂ ਕਿਹਾ ਕੋਈ ਵੱਡੀ ਗੱਲ ਨਹੀਂ ਪਾਰਟੀ ਦੇ ਵਿੱਚ ਆਉਣਾ ਜਾਣਾ ਲੱਗਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਾਵਰ ਦੇ ਲਾਲਚ ਲਈ ਇਨ੍ਹਾਂ ਲੀਡਰਾਂ ਵੱਲੋਂ ਭਾਜਪਾ ਜੁਆਇਨ ਕੀਤੀ ਜਾ ਰਹੀ ਹੈ ਕਿਉਂਕਿ ਭਾਜਪਾ ਦੀ ਕੇਂਦਰ 'ਚ ਸਰਕਾਰ ਹੈ। ਉਨ੍ਹਾਂ ਕਿਹਾ ਕਿ ਲੋਕ ਚਿਹਰਿਆਂ ਨੂੰ ਵੋਟ ਨਹੀਂ ਪਾਉਂਦੇ,ਪਾਰਟੀ ਨੂੰ ਵੋਟ ਪਾਉਂਦੇ ਹਨ।
ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਕਾਂਗਰਸ ਦੇ ਜੋ ਆਗੂ ਅੱਜ ਭਾਜਪਾ 'ਚ ਸ਼ਾਮਲ ਹੋ ਰਹੇ ਹਨ , ਉਹ ਕਾਂਗਰਸ ਵਿਚ ਘੁਟਣ ਮਹਿਸੂਸ ਕਰ ਰਹੇ ਹਨ ,ਜਿਸ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿੱਚ ਮਾਂ ਅਤੇ ਪੁੱਤ ਜੋ ਪਾਰਟੀ ਚਲਾ ਰਹੇ ਨੇ ਹੁਣ ਉਸ ਨੂੰ ਸਾਰੇ ਹੀ ਛੱਡਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੋ ਚੋਣਾਂ ਦੇ ਦੌਰਾਨ ਦਿੱਲੀ ਰਾਜਸਥਾਨ ਅਤੇ ਹਰਿਆਣਾ ਤੋਂ ਵੱਡੇ ਵੱਡੇ ਲੀਡਰ ਆਏ ਸਨ ਵਿਉਂਤਬੰਦੀਆਂ ਬਣਾ ਰਹੇ ਸਨ ਅੱਜ ਉਹ ਕਿੱਥੇ ਨੇ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਭਾਜਪਾ ਆਗੂ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਲ ਸਨ। ਸੂਤਰਾਂ ਅਨੁਸਾਰ ਇਨ੍ਹਾਂ ਲੀਡਰਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ 'ਚ ਸ਼ਾਮਲ ਕਰਨਗੇ।