ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਨੂੰ ਲੋੜੀਂਦੇ ਲੱਖਾ ਸਿਧਾਣਾ ਦੀ ਚੁਣੌਤੀ ਨੇ ਦਿੱਲੀ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਚਿੰਤਾ ਵੀ ਵਧਾ ਦਿੱਤੀ ਹੈ। ਇੱਕ ਲੱਖ ਰੁਪਏ ਦੇ ਇਨਾਮੀ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਸੋਸ਼ਲ ਮੀਡੀਆ ਉੱਪਰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ 23 ਫ਼ਰਵਰੀ ਨੂੰ ਬਠਿੰਡਾ ਦੇ ਮਹਿਰਾਜ ’ਚ ਰੈਲੀ ਕਰਨ ਵਾਲਾ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਕੇ ਵਿਖਾਏ।
ਦੱਸ ਦੇਈਏ ਕਿ ਮਹਿਰਾਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਪਿੰਡ ਹੈ। ਲੱਖਾ ਸਿਧਾਣਾ ਵੀ ਇਸੇ ਇਲਾਕੇ ਦਾ ਰਹਿਣ ਵਾਲਾ ਹੈ। ਇਸੇ ਲਈ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ। ਬਠਿੰਡਾ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ ਸਿਧਾਣਾ ਭਾਵੇਂ ਬਠਿੰਡਾ ’ਚ ਕਿਸੇ ਵੀ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਨਹੀਂ ਪਰ ਜੇ ਦਿੱਲੀ ਪੁਲਿਸ ਕੋਈ ਕਾਰਵਾਈ ਕਰਦੀ ਹੈ, ਤਾਂ ਅਸੀਂ ਪੂਰਾ ਸਹਿਯੋਗ ਦੇਵਾਂਗੇ।
ਪੰਜਾਬ ਪੁਲਿਸ ਦੀ ਚਿੰਤਾ ਇਸ ਗੱਲ ਨੂੰ ਲੈ ਕੇ ਵੀ ਹੈ ਕਿ ਸਿਧਾਣਾ ਨੇ ਨੌਜਵਾਨਾਂ ਨੂੰ ਵੱਡੀ ਗਿਣਤੀ ’ਚ ਇਸ ਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। ਉਸ ਵਿਰੁੱਧ ਪੰਜਾਬ ਵਿੱਚ ਪਹਿਲਾਂ 20 ਅਪਰਾਧਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚੋਂ ਉਹ ਬਰੀ ਹੋ ਚੁੱਕਾ ਹੈ।
ਦਿੱਲੀ ਪੁਲਿਸ ਨੇ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਤੇ ਗੁਰਜੰਟ ਸਿੰਘ ਉੱਤੇ ਇੱਕ-ਇੱਕ ਲੱਖ ਰੁਪਏ ਤੇ ਜਗਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਤੇ ਇਕਬਾਲ ਸਿੰਘ ਉੱਤੇ 50-50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਸੀ। ਦੀਪ ਸਿੱਧੂ, ਇਕਬਾਲ ਸਿੰਘ ਤੇ ਸੁਖਦੇਵ ਸਿੰਘ ਗ੍ਰਿਫ਼ਤਾਰ ਹੋ ਚੁੱਕੇ ਹਨ। ਪੰਜ ਹੋਰਨਾਂ ਦੀ ਭਾਲ ਜਾਰੀ ਹੈ।