![ABP Premium](https://cdn.abplive.com/imagebank/Premium-ad-Icon.png)
ਲਖੀਮਪੁਰ ਖੀਰੀ ਕਾਂਡ 'ਤੇ ਨਵਜੋਤ ਸਿੱਧੂ ਦਾ ਮੌਨ ਵਰਤ, ਅਕਾਲੀ ਦਲ ਤੇ ਬੀਜੇਪੀ ਨੇ ਕਹੀ ਵੱਡੀ ਗੱਲ
ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਪੰਜਾਬ ਦੀ ਕਾਂਗਰਸ ਸਰਕਾਰ ਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਹਿ ’ਤੇ ਸ਼ੁਰੂ ਕੀਤਾ ਗਿਆ ਸੀ।
![ਲਖੀਮਪੁਰ ਖੀਰੀ ਕਾਂਡ 'ਤੇ ਨਵਜੋਤ ਸਿੱਧੂ ਦਾ ਮੌਨ ਵਰਤ, ਅਕਾਲੀ ਦਲ ਤੇ ਬੀਜੇਪੀ ਨੇ ਕਹੀ ਵੱਡੀ ਗੱਲ Lakhimpur Khiri incident, Akali Dal and BJP say big thing on Navjot Sidhu's silent fast at lakhimpur ਲਖੀਮਪੁਰ ਖੀਰੀ ਕਾਂਡ 'ਤੇ ਨਵਜੋਤ ਸਿੱਧੂ ਦਾ ਮੌਨ ਵਰਤ, ਅਕਾਲੀ ਦਲ ਤੇ ਬੀਜੇਪੀ ਨੇ ਕਹੀ ਵੱਡੀ ਗੱਲ](https://feeds.abplive.com/onecms/images/uploaded-images/2021/10/11/1178d076cc4160c34f5c48a9855fb024_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅੱਜ ਮੌਨ ਵਰਤ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਸੂਚਨਾ ਮੁਤਾਬਕ 11 ਅਕਤੂਬਰ ਨੂੰ ਰੇਲਵੇ ਸਟੇਸ਼ਨ ਬਾਹਰ ਨਵਜੋਤ ਸਿੱਧੂ ਸਮੇਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਹੋਰ ਲੀਡਰ ਵੀ ਮੌਨ ਵਰਤ ਵਿੱਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਪੰਜਾਬ ਕਾਂਗਰਸ ਵੱਲੋਂ ਉਲੀਕਿਆ ਗਿਆ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਇਸ ਮੌਨ ਵਰਤ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਲਖੀਮਪੁਰ ਖੀਰੀ ਵਿੱਚ ਵੀ ਭੁੱਖ ਹੜਤਾਲ ’ਤੇ ਬੈਠੇ ਤੇ ਇੱਕ ਰਾਤ ਚੁੱਪ ਰਹੇ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਭੁੱਖ ਹੜਤਾਲ ਰਾਤ ਖਾਣੇ ਤੋਂ ਬਾਅਦ ਸ਼ੁਰੂ ਕੀਤੀ ਸੀ ਤੇ ਸਵੇਰੇ ਨਾਸ਼ਤੇ ਤੋਂ ਪਹਿਲਾਂ ਤੋੜ ਦਿੱਤੀ ਸੀ।
ਇਸ ਦੇ ਨਾਲ ਹੀ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਪੰਜਾਬ ਦੀ ਕਾਂਗਰਸ ਸਰਕਾਰ ਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਹਿ ’ਤੇ ਸ਼ੁਰੂ ਕੀਤਾ ਗਿਆ ਸੀ। ਭਾਜਪਾ ਲੀਡਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਤਕਰੀਬਨ 700 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਪਰ ਪੰਜਾਬ ਸਰਕਾਰ ਨੇ ਅੱਜ ਤੱਕ ਪੀੜਤ ਪਰਿਵਾਰਾਂ ਦੀ ਸਾਰ ਨਹੀਂ ਲਈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜੇਕਰ ਮਾਫ਼ੀਆ ਰਾਜ ’ਤੇ ਕਾਬੂ ਪਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਸਿਰੋਂ ਕਰਜ਼ੇ ਦਾ ਬੋਝ ਉਤਾਰਦੀ ਤੇ ਫ਼ਸਲਾਂ ਦੀ ਬਰਬਾਦੀ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਦੀ ਤਾਂ ਅੱਜ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਖ਼ੁਦਕੁਸ਼ੀਆਂ ਦੇ ਰਾਹ ਨਾ ਪੈਣਾ ਪੈਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਸਿਰਫ਼ ਡਰਾਮਾ ਕਰ ਰਹੇ ਹਨ ਤੇ ਨਵਜੋਤ ਸਿੱਧੂ ਸਿਆਸਤ ਨੂੰ ਵੀ ਕਾਮੇਡੀ ਸ਼ੋਅ ਹੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਦੌੜ ਮੁੱਖ ਮੰਤਰੀ ਦੀ ਕੁਰਸੀ ਤੱਕ ਸੀਮਤ ਹੈ ਤੇ ਜੇਕਰ ਸਿੱਧੂ ਨੂੰ ਮੁੱਖ ਮੰਤਰੀ ਬਣਾ ਦਿੱਤਾ ਜਾਂਦਾ ਤਾਂ ਅੱਜ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਡਰਾਮਾ ਵੀ ਖ਼ਤਮ ਹੋ ਜਾਣਾ ਸੀ।
ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲ, ਅਕਾਲੀ ਸੰਸਦ ਮੈਂਬਰ ਹਰਸਿਮਰਤ ਬਾਦਲ ਤੇ ਹੋਰ ਵਿਰੋਧੀ ਪਾਰਟੀਆਂ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲਖੀਮਪੁਰ ਖੀਰੀ ਵਿੱਚ ਡੇਰੇ ਲਾ ਕੇ ਬੈਠੇ ਹਨ।
ਇਹ ਵੀ ਪੜ੍ਹੋ: ਮੇਘਾਲਿਆ 'ਚ ਸਿੱਖ ਪਰਿਵਾਰਾਂ 'ਤੇ ਉਜਾੜੇ ਦੀ ਤਲਵਾਰ, ਪੰਜਾਬ ਤੱਕ ਪਹੁੰਚੀ ਗੁੱਸੇ ਦੀ ਲਹਿਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)